July 4, 2024 5:18 pm
Calcutta High Court

ਪੱਛਮੀ ਬੰਗਾਲ ‘ਚ ਰਾਮ ਨੌਮੀ ਹਿੰਸਾ ਮਾਮਲੇ ‘ਤੇ ਕਲਕੱਤਾ ਹਾਈਕੋਰਟ ਸਖ਼ਤ, ਮਾਮਲੇ ਦੀ ਜਾਂਚ NIA ਨੂੰ ਸੌਂਪੀ

ਚੰਡੀਗੜ੍ਹ, 27 ਅਪ੍ਰੈਲ 2023: ਰਾਮ ਨੌਮੀ ਦੇ ਮੌਕੇ ‘ਤੇ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਭੜਕੀ ਹਿੰਸਾ ਨੂੰ ਲੈ ਕੇ ਕਲਕੱਤਾ ਹਾਈਕੋਰਟ (Calcutta High Court) ਨੇ ਸਖ਼ਤ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਹੁਣ ਹਾਵੜਾ ਅਤੇ ਦਾਲਕੋਲਾ ਸਮੇਤ ਵੱਖ-ਵੱਖ ਸ਼ਹਿਰਾਂ ‘ਚ ਹਿੰਸਾ ਦੀਆਂ ਘਟਨਾਵਾਂ ਦੀ ਜਾਂਚ ਏਜੰਸੀ ਐੱਨ.ਆਈ.ਏ ਨੂੰ ਸੌਂਪ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਰਾਮ ਨੌਮੀ ਮੌਕੇ ਪੂਰੇ ਬੰਗਾਲ ‘ਚ ਹਿੰਸਾ ਭੜਕ ਗਈ ਸੀ। ਇੱਥੇ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ, ਜਦੋਂ ਕਿ ਪਥਰਾਅ ਅਤੇ ਕਈ ਦੁਕਾਨਾਂ ਵਿੱਚ ਭੰਨ-ਤੋੜ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ । ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੋਕਾਂ ਵਿਚਾਲੇ ਟਕਰਾਅ ਦੇ ਮਾਮਲੇ ਵੀ ਸਾਹਮਣੇ ਆਏ ਹਨ।

ਬੰਗਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਦੁਆਰਾ ਦਾਇਰ ਇੱਕ ਪਟੀਸ਼ਨ ‘ਤੇ, ਕਾਰਜਕਾਰੀ ਚੀਫ਼ ਜਸਟਿਸ ਟੀਐਸ ਸ਼ਿਵਗਨਮ ਦੀ ਅਗਵਾਈ ਵਾਲੀ ਹਾਈਕੋਰਟ ਦੇ ਬੈਂਚ ਨੇ ਬੰਗਾਲ ਪੁਲਿਸ ਤੋਂ ਐੱਨ.ਆਈ.ਏ ਨੂੰ ਕੇਸ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ।ਇਸ ਪਟੀਸ਼ਨ ‘ਤੇ ਅਦਾਲਤ ਨੇ ਬੰਗਾਲ ਪੁਲਿਸ ਨੂੰ ਦੋ ਹਫ਼ਤਿਆਂ ਦੇ ਅੰਦਰ ਮਾਮਲੇ ਨਾਲ ਸਬੰਧਤ ਸਾਰੇ ਰਿਕਾਰਡ ਅਤੇ ਸੀਸੀਟੀਵੀ ਫੁਟੇਜ ਕੇਂਦਰ ਸਰਕਾਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਦਸਤਾਵੇਜ਼ ਐਨਆਈਏ ਨੂੰ ਭੇਜਣ ਲਈ ਕਿਹਾ ਗਿਆ ਹੈ।