ਆਪ ਦੀ ਸਰਕਾਰ

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਅਲਾਪੁਰ, ਘੜੂੰਆ ਕਮੇਟੀ, ਬਜਹੇੜੀ, ਸੋਤਲ ਸਮੇਤ ਕਈ ਪਿੰਡਾਂ ‘ਚ ਲਗਾਏ ਕੈਂਪ

ਖਰੜ, 13 ਫਰਵਰੀ, 2024: ਲਗਾਤਾਰ ਇੱਕ ਹਫਤੇ ਤੋਂ ਪੰਜਾਬ ਸਰਕਾਰ ਵੱਲੋਂ ਸਬ-ਡਵੀਜਨ ਖਰੜ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ‘ਚ ਲੋਕਾਂ ਦੀਆਂ ਸ਼ਿਕਾਇਤਾਂ/ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਅਤੇ ਖਜਲ ਖੁਆਰੀ ਦੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਜਾ ਰਹੀ ਹੈ, ਜਿੱਥੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ, ਉਥੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪਹੁੰਚਾਉਣ ਲਈ ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਵੀ ਚੈੱਕ ਕੀਤੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਅਤੇ ਸਾਂਝੇ ਮਸਲੇ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ, ਬਕਾਇਆ ਮੁਸ਼ਕਿਲਾਂ ਸਮਾਂਬੱਧ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਲੋਕ ਇਨ੍ਹਾਂ ਕੈਂਪਾਂ ਵਿੱਚ ਆਪਣੇ ਨਿੱਜੀ ਕੰਮ ਕਰਵਾ ਰਹੇ ਹਨ, ਉਥੇ ਪਿੰਡਾਂ ਦੇ ਸਾਂਝੇ ਮਾਮਲੇ ਵੀ ਹੱਲ ਹੋ ਰਹੇ ਹਨ, ਸੜਕਾਂ, ਸਕੂਲਾਂ, ਹਸਪਤਾਲਾਂ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਛੱਪੜਾਂ, ਰੋਸ਼ਨੀ, ਨੀਲੇ ਕਾਰਡ ਵਰਗੇ ਮਸਲੇ ਵੀ ਸਮਾਂਬੱਧ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Scroll to Top