July 7, 2024 8:16 pm
ਸੁਲਤਾਨਪੁਰ ਲੋਧੀ

ਕੈਪਟਨ ਹਰਮਿੰਦਰ ਸਿੰਘ ਤੇ ਪਿੰਡ ਵਾਸੀਆਂ ਵਲੋਂ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਐਲਾਨਣ ‘ਤੇ ਖੁਸ਼ੀ ਜਤਾਈ

ਚੰਡੀਗੜ੍ਹ , 6 ਅਕਤੂਬਰ 2021: 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਆਗੂ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨ ਕੀਤਾ | ਜਿਸ ਤੋਂ ਬਾਅਦ ਕੈਪਟਨ ਹਰਮਿੰਦਰ ਸਿੰਘ ਦੇ ਜੱਦੀ ਪਿੰਡ ਨਸੀਰਪੁਰ ਦੇ ਲੋਕਾਂ ਵਿੱਚ ਭਾਰੀ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ।
ਪਿੰਡ ਨਸੀਰਪੁਰ ਦੇ ਨੌਜਵਾਨ ਆਗੂ ਪੁਸ਼ਪਿੰਦਰ ਸਿੰਘ, ਨੰਬਰਦਾਰ ਜੁਗਿੰਦਰ ਸਿੰਘ, ਹਰਬੰਸ ਸਿੰਘ ਕੌੜਾ ਅਤੇ ਦਿਲਬਾਗ ਸਿੰਘ ਥਿੰਦ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਪਿੰਡ ਨੂੰ ਬਹੁਤ ਵੱਡਾ ਮਾਣ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਹਰਮਿੰਦਰ ਸਿੰਘ ਪਿਛਲੇ 30 ਸਾਲਾਂ ਤੋਂ ਨਿਰਪੱਖ ਹੋ ਕੇ ਹਲਕੇ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵੱਲੋਂ ਜਿੱਥੇ ਦੇਸ਼ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ ਉੱਥੇ ਹੀ ਉਨ੍ਹਾਂ ਵੱਲੋਂ ਹਲਕੇ ਦੀਆਂ ਸੰਗਤਾਂ ਦਾ ਹਰ ਸਮੇਂ ਸਾਥ ਦਿੱਤਾ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਹਰਮਿੰਦਰ ਸਿੰਘ ਹਲਕੇ ਅੰਦਰ ਸਖ਼ਤ ਮਿਹਨਤ ਕਰਕੇ ਉਨ੍ਹਾਂ ਦੀਆਂ ਆਸਾਂ ਅਤੇ ਉਮੀਦਾਂ ਤੇ ਖਰਾ ਉਤਰਨਗੇ। ਸੁਖਬੀਰ ਸਿੰਘ ਬਾਦਲ ਵਲੋਂ ਉਮੀਦਵਾਰ ਐਲਾਨਣ ਤੋਂ ਬਾਅਦ ਕੈਪਟਨ ਹਰਮਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੇ ਪਿੰਡ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਇਸ ਸੇਵਾ ਨੂੰ ਤਨੋਂ ਮਨੋਂ ਕਰਨਗੇ।