ਚੰਡੀਗੜ੍ਹ, 05 ਮਈ 2023: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਜਲੰਧਰ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੈਪਟਨ ਸਿੰਘ ਨੇ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਚੱਲਦੇ ਰਹੇ ਤਾਂ ਕੋਈ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਨਹੀਂ ਆਵੇਗਾ, ਇਸ ਨਾਲ ਸੂਬੇ ਦੀ ਆਰਥਿਕਤਾ ‘ਤੇ ਬੁਰਾ ਅਸਰ ਪਵੇਗਾ।
ਸਾਬਕਾ ਮੁੱਖ ਮੰਤਰੀ (Captain Amarinder Singh) ਨੇ ਦੱਸਿਆ ਕਿ ਪੰਜਾਬ ਵਿੱਚ ਕਿਸ ਤਰ੍ਹਾਂ ਕਤਲ ਹੋ ਰਹੇ ਹਨ, ਜਿੱਥੇ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ, ਜਦੋਂ ਕਿ ਖ਼ੌਫ਼ਨਾਕ ਗੈਂਗਸਟਰ ਜੇਲ੍ਹਾਂ ਵਿੱਚ ਬੈਠੇ ਮੀਡੀਆ ਨੂੰ ਇੰਟਰਵਿਊ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਪਹਿਲਾਂ ਹੀ ਦੇਸ਼ ਤੋਂ ਬਾਹਰ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇੱਥੇ ਕੋਈ ਭਵਿੱਖ ਨਜ਼ਰ ਨਹੀਂ ਆਉਂਦਾ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸੂਬੇ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ, ਦੇਸ਼ ਦੀ ਆਰਥਿਕਤਾ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਸਭ ਤੋਂ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਅਤੇ ਯੂਰਪ ਸਮੇਤ ਵਿਸ਼ਵ ਦੀ ਆਰਥਿਕਤਾ ਸੁਸਤ ਰਹੀ, ਜਦੋਂ ਕਿ ਭਾਰਤ ਸਥਿਰ ਅਤੇ ਮਜ਼ਬੂਤ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਲੋਕ ਭਾਜਪਾ ਨੂੰ ਵੋਟ ਪਾਉਣ ਅਤੇ ਸਮਰਥਨ ਦੇਣਾ ਚਾਹੁੰਦੇ ਹਨ ਕਿਉਂਕਿ ਜਿੱਥੇ ਵੀ ਭਾਜਪਾ ਸੱਤਾ ਵਿੱਚ ਹੁੰਦੀ ਹੈ, ਉੱਥੇ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਹੁੰਦੀ ਹੈ। ਉਨ੍ਹਾਂ ਕਿਹਾ ਉਹ ਲੋਕਾਂ ਵਿੱਚ ਭਾਰੀ ਉਤਸ਼ਾਹ ਮਹਿਸੂਸ ਕਰ ਸਕਦੇ ਹਨ ਕਿਉਂਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਪਿਆਰ ਕਰਦੇ ਹਨ।