ਚੰਡੀਗੜ੍ਹ, 02 ਫਰਵਰੀ 2023: ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਹੁਣ ਇਸ ਮਾਮਲੇ ‘ਤੇ ਭਾਜਪਾ ਨੇਤਾ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਨੇ ਇਸ ਖ਼ਬਰ ਦਾ ਖੰਡਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਹਾਲਾਂਕਿ 80 ਸਾਲਾ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਜੋ ਵੀ ਕਰਨ ਲਈ ਕਹਿਣਗੇ, ਉਹ ਉਸ ਦੀ ਪਾਲਣਾ ਕਰਨਗੇ।
ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ, ‘ਇਹ ਸਿਰਫ਼ ਕਿਆਸ ਲਗਾਏ ਜਾ ਰਹੇ ਹਨ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਉਹ ਮੈਨੂੰ ਜੋ ਵੀ ਕੰਮ ਕਹਿਣਗੇ ਮੈਂ ਉਹ ਕਰਾਂਗਾ।ਇਸ ਤੋਂ ਇਲਾਵਾ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਆਮ ਚੋਣਾਂ ਲੜਨਾ ਚਾਹੁੰਦੇ ਹਨ? ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਕਹਿਣਾ ਜਲਦਬਾਜ਼ੀ ਹੋਵੇਗੀ।