Mukh Mantri Sehat Yojna

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦੀ ਨਕਦ ਰਹਿਤ ਜੀਵਨ-ਰੱਖਿਅਕ ਸਰਜਰੀ ਕੀਤੀ

ਚੰਡੀਗੜ੍ਹ, 02 ਅਪ੍ਰੈਲ 2026: ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਦਾਅਵਿਆਂ ਦੇ ਮਾਮਲਿਆਂ ‘ਚੋਂ ਇੱਕ ‘ਚ 4 ਲੱਖ ਰੁਪਏ ਦੀ ਜੀਵਨ-ਰੱਖਿਅਕ ਸਰਜਰੀ ਪੂਰੀ ਤਰ੍ਹਾਂ ਨਕਦ ਰਹਿਤ ਕੀਤੀ। ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈਸ ਨੋਟ ਮੁਤਾਬਕ ਚੰਡੀਗੜ੍ਹ ਦੀ ਰਹਿਣ ਵਾਲੀ ਲਾਭਪਾਤਰੀ ਸੁਖਪਾਲ ਕੌਰ (37 ਸਾਲ) ਨੂੰ ‘ਐਓਰਟਿਕ ਡਿਸੈਕਸ਼ਨ’ (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ‘ਚ ਦਾਖ਼ਲ ਕਰਵਾਇਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ‘ਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਕਰੀਬ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ‘ਚ ਜੁਟਾਉਣਾ ਬਹੁਤ ਮੁਸ਼ਕਿਲ ਸੀ।

ਹਸਪਤਾਲ ‘ਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ।

ਇਸ ਸੰਬੰਧੀ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਸਾਨੂੰ ਦੱਸਿਆ ਸੀ ਕਿ ਸਥਿਤੀ ਗੰਭੀਰ ਹੈ ਅਤੇ ਤੁਰੰਤ ਸਰਜਰੀ ਦੀ ਲੋੜ ਹੈ। ਇੰਨੀ ਵੱਡੀ ਰਕਮ ਦਾ ਤੁਰੰਤ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ‘ਚ ਕੋਈ ਦੇਰੀ ਨਾ ਹੋਵੇ।”

ਇਸ ਕੇਸ ਦੇ ਡਾਕਟਰੀ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਦੇ ਡਾ. ਸਚਿਨ ਮਹਾਜਨ ਨੇ ਕਿਹਾ, “ਐਓਰਟਿਕ ਡਿਸੈਕਸ਼ਨ ਇੱਕ ਨਾਜ਼ੁਕ ਸਥਿਤੀ ਹੈ, ਜਿਸ ‘ਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਅਜਿਹੇ ਮਾਮਲਿਆਂ ‘ਚ ਮਾਮੂਲੀ ਦੇਰੀ ਵੀ ਖਤਰਾ ਵਧਾ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਦੀ ਵੈਰੀਫਿਕੇਸ਼ਨ ਤੋਂ ਬਾਅਦ, ਅਸੀਂ ਵਿੱਤੀ ਮਨਜ਼ੂਰੀਆਂ ਦੀ ਉਡੀਕ ਕੀਤੇ ਬਿਨਾਂ ਅੱਗੇ ਵਧਣ ਦੇ ਯੋਗ ਹੋਏ। ਇਹ ਦਿਲ ਦੇ ਉੱਚ-ਜੋਖਮ ਵਾਲੇ ਮਾਮਲਿਆਂ ‘ਚ ਸਮੇਂ ਸਿਰ ਅਤੇ ਨਿਰਵਿਘਨ ਇਲਾਜ ਯਕੀਨੀ ਬਣਾਉਂਦਾ ਹੈ।”

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੁਖਪਾਲ ਕੌਰ ਵਰਗੇ ਗੰਭੀਰ ਮਾਮਲੇ ਵਿੱਚ ਇੱਕ ਕੀਮਤੀ ਜਾਨ ਬਚਾਉਣ ਦੇ ਯੋਗ ਹੋਣਾ ਬਹੁਤ ਹੀ ਸੰਤੁਸ਼ਟੀਜਨਕ ਹੈ।। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਜ਼ਮੀਨੀ ਪੱਧਰ ‘ਤੇ ਅਸਲ ਪ੍ਰਭਾਵ ਪਾ ਰਹੀ ਹੈ, ਜਿੱਥੇ ਪਰਿਵਾਰ ਫੰਡਾਂ ਦੇ ਪ੍ਰਬੰਧ ਦੀ ਚਿੰਤਾ ਕੀਤੇ ਬਿਨਾਂ ਤੁਰੰਤ ਇਲਾਜ ਕਰਵਾਉਣ ਦੇ ਸਮਰੱਥ ਹਨ।”

ਸਿਹਤ ਮੰਤਰੀ ਨੇ ਕਿਹਾ ਕਿ ਲੱਖਾਂ ਪਰਿਵਾਰਾਂ ਦੇ ਕਵਰ ਹੋਣ ਅਤੇ ਪੰਜਾਬ ਭਰ ‘ਚ ਮਹਿੰਗੇ ਇਲਾਜ ਮੁਹੱਈਆ ਕਰਵਾਏ ਜਾਣ ਨਾਲ, ਇਹ ਸਕੀਮ ਪੰਜਾਬ ‘ਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਵਸਨੀਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ‘ਤੇ ਆਪਣਾ ਸਿਹਤ ਕਾਰਡ ਬਣਵਾਉਣ।

Read More: ਪੰਜਾਬ ਸਰਕਾਰ ਵੰਡੇਗੀ ਸਮਾਰਟ ਰਾਸ਼ਨ ਕਾਰਡ, ਬਾਇਓਮੈਟ੍ਰਿਕ ਤਸਦੀਕ ਸਮੱਸਿਆ ਹੋਵੇਗੀ ਦੂਰ

ਵਿਦੇਸ਼

Scroll to Top