July 4, 2024 9:12 pm
MSP

ਕੇਂਦਰੀ ਕੈਬਿਨਟ ਵੱਲੋਂ ਹਾੜੀ ਦੀਆਂ ਛੇ ਫ਼ਸਲਾਂ ਦੀ MSP ‘ਚ ਵਾਧੇ ਨੂੰ ਮਨਜ਼ੂਰੀ, ਮਹਿੰਗਾਈ ਭੱਤਾ ਚਾਰ ਫੀਸਦੀ ਵਧਾਇਆ

ਚੰਡੀਗੜ੍ਹ,18 ਅਕਤੂਬਰ 2023: ਅੱਜ ਕੇਂਦਰੀ ਕੈਬਿਨਟ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ | ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਕਣਕ, ਸਰ੍ਹੋਂ, ਜੌਂ, ਛੋਲੇ, ਮਸਰ ਦੀ ਦਾਲ ਅਤੇ ਸੂਰਜਮੁਖੀ ਦੀਆਂ ਫ਼ਸਲਾਂ ਵਿਚ ਐੱਮ.ਐਸ.ਪੀ. (MSP) ਦੇ ਵਾਧੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾੜੀ ਦੀਆਂ ਛੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 7 ਫੀਸਦੀ ਵਾਧਾ ਕੀਤਾ ਗਿਆ ਹੈ। ਤੇਲ ਬੀਜਾਂ ਅਤੇ ਸਰ੍ਹੋਂ ਦੀ ਕੀਮਤ ਵਿੱਚ 200 ਰੁਪਏ, ਮਿਸਰ ਦੀ ਦਾਲ ਵਿੱਚ 425 ਰੁਪਏ, ਕਣਕ ਵਿੱਚ 150 ਰੁਪਏ, ਜੌਂ ਵਿੱਚ 115 ਰੁਪਏ, ਛੋਲਿਆਂ ਵਿੱਚ 105 ਰੁਪਏ ਅਤੇ ਸੂਰਜਮੁਖੀ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।

ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਉਨ੍ਹਾਂ ਦੇ ਮਹਿੰਗਾਈ ਭੱਤੇ (DA) ਵਿੱਚ ਚਾਰ ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਧੇ ਹੋਏ ਭੱਤੇ ਤੋਂ ਬਾਅਦ ਮੁਲਾਜ਼ਮਾਂ ਦਾ ਡੀਏ 42 ਤੋਂ 46 ਫੀਸਦੀ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਨਾਲ ਸਬੰਧਤ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਵਧਿਆ ਹੋਇਆ ਡੀਏ 1 ਜੁਲਾਈ ਤੋਂ ਲਾਗੂ ਹੋਵੇਗਾ।

ਇਸ ਨਾਲ ਕੇਂਦਰ ਸਰਕਾਰ ਦੇ ਇੱਕ ਕਰੋੜ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ ਆਪਣੇ ਮੁਲਾਜ਼ਮਾਂ ਦੇ ਡੀ.ਏ ਬਦਲਾਅ ਕਰਦੀ ਹੈ। ਇਸ ਤੋਂ ਪਹਿਲਾਂ ਜਨਵਰੀ ਤੋਂ ਡੀਏ ਚਾਰ ਫੀਸਦੀ ਵਧਾਇਆ ਗਿਆ ਸੀ। ਇਸ ਤੋਂ ਇਲਾਵਾ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੀ ਕਾਰਗੁਜ਼ਾਰੀ ਨਾਲ ਜੁੜਿਆ ਬੋਨਸ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ‘ਤੇ 1,969 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਨਾਲ 11 ਲੱਖ ਤੋਂ ਵੱਧ ਰੇਲਵੇ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ।

ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ ਇਹ ਵਾਧਾ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤਾ ਗਿਆ ਹੈ। ਇਸ ਨਾਲ ਕੇਂਦਰ ਸਰਕਾਰ ਦੇ 48.67 ਲੱਖ ਮੁਲਾਜ਼ਮਾਂ ਅਤੇ 67.95 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਡੀਏ ਵਿੱਚ ਵਾਧੇ ਨਾਲ ਸਰਕਾਰੀ ਖਜ਼ਾਨੇ ‘ਤੇ 12,857 ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ।ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬਾਅਦ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਿਨਟ ਬੈਠਕ ਅਤੇ ਸੀਸੀਈਏ ਦੀ ਬੈਠਕ ਵਿੱਚ ਅੱਜ ਚਾਰ ਅਹਿਮ ਫੈਸਲੇ ਲਏ ਗਏ।