ਚੰਡੀਗੜ੍ਹ 13 ਨਵੰਬਰ 2022: ਭਾਰਤ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਨਵੀਂ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਆਮ ਆਦਮੀ ਕਲੀਨਿਕਾਂ (Aam Aadmi Clinics) ਦੇ ਕੰਮਕਾਜ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਨੇ ਕਿਹਾ ਕਿ ਸੂਬੇ ਵਿੱਚ ਗਰਭਵਤੀ ਔਰਤਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਵਿੱਚ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸਹੂਲਤਾਂ ਵੀ ਉਪਲਬਧ ਹਨ।
ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਟਵੀਟਕਰਦਿਆਂ ਕਿਹਾ ਕਿ ਕੇਂਦਰ ਸਰਕਾਰ (Central Government) ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਹੈ। ਕਲੀਨਿਕ ਐਮਬੀਬੀਐਸ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਟੀਮ ਨਾਲ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ | ਸਿਹਤ ਸੰਭਾਲ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ।