ਚੰਡੀਗੜ੍ਹ 02 ਮਈ 2022: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੋਟਾਸ਼ ਖਾਦ ਦੀ ਕੀਮਤ ਵਿੱਚ ਵਾਧੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਮੋਦੀ ਸਰਕਾਰ ’ਤੇ ਜਾਣਬੁੱਝ ਕੇ ਖਾਦਾਂ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਨੂੰ ਤਬਾਹ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ’ਚ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਖਾਦ ਅਤੇ ਹੋਰ ਖੇਤੀਬਾੜੀ ਸਾਧਨਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰਕੇ ਪਹਿਲਾਂ ਤੋਂ ਹੀ ਕਰਜੇ ਵਿੱਚ ਫਸੇ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਾ ਰਹੀ ਹੈ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਡੀ.ਏ.ਪੀ. ਦੇ ਮੁੱਲ ’ਚ ਵਾਧਾ ਕੀਤਾ ਅਤੇ ਹੁਣ ਪੋਟਾਸ਼ ਖਾਦ ਦੀ ਕੀਮਤ ਵਧਾ ਕੇ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫ਼ੈਸਲਾ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਨੀਤੀ ਨੂੰ ਪ੍ਰਗਟ ਕਰਦਾ ਹੈ।ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਅੱਜ ਤੱਕ ਕੋਈ ਠੋਸ ਨੀਤੀ ਨਹੀਂ ਬਣਾਈ। ਪਰ ਬੇਸ਼ਰਮਾ ਦੀ ਤਰ੍ਹਾਂ ਖੇਤੀ ਖੇਤਰ ਦੀਆਂ ਸਬਸਿਡੀਆਂ ਵਿੱਚ ਲਗਾਤਾਰ ਕਟੌਤੀ ਕਰ ਰਹੀ ਹੈ। ਨਤੀਜੇ ਵਜੋਂ ਖੇਤੀ ਦੀ ਲਾਗਤ ਤੇਜੀ ਨਾਲ ਵੱਧੀ ਹੈ ਅਤੇ ਮੁਨਾਫ਼ਾ ਘੱਟ ਹੋ ਰਿਹਾ ਹੈ।
ਖੇਤੀ ਹੁਣ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਇਸ ਲਈ ਕਿਸਾਨਾਂ ਦੀ ਆਰਥਿਕ ਸਥਿਤੀ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਖਾਦਾਂ ਦੀਆਂ ਕੀਮਤਾਂ ਵਧਾਉਣ ਨਾਲ ਖ਼ਰੀਫ਼ ਫ਼ਸਲਾਂ ਦੇ ਸਮੇਂ ਕਿਸਾਨਾਂ ’ਤੇ ਆਰਥਿਕ ਭਾਰ ਵੱਧ ਰਿਹਾ ਹੈ। ਇਸ ਨਾਲ ਕਿਸਾਨ ਅਤੇ ਕਿਸਾਨੀ ਦੋਵੇਂ ’ਤੇ ਭੈੜਾ ਪ੍ਰਭਾਵ ਪਵੇਗਾ। ‘ਆਪ’ ਆਗੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨ ਹੁਣ ਕਿਸੇ ਵੀ ਤਰ੍ਹਾਂ ਦਾ ਵਾਧੂ ਵਿੱਤੀ ਬੋਝ ਨਹੀਂ ਚੁੱਕ ਸਕਦੇ, ਇਸ ਲਈ ਕੇਂਦਰ ਸਰਕਾਰ ਖਾਦਾਂ ਦੇ ਮੁੱਲ ’ਚ ਕੀਤਾ ਵਾਧਾ ਤੁਰੰਤ ਵਾਪਸ ਲਵੇ।