Site icon TheUnmute.com

ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ: ਗੁਰਮੀਤ ਸਿੰਘ ਖੁੱਡੀਆਂ

Punjab government

ਚੰਡੀਗੜ੍ਹ, 22 ਅਕਤੂਬਰ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ‘ਚ ਦੇਰੀ ਕੀਤੇ ਜਾਣ ਕਾਰਨ ਵਰਤੀ ਢਿੱਲ ਝੋਨੇ ਦੇ ਖਰੀਦ ਕਾਰਜਾਂ ‘ਚ ਵਿਘਨ ਪਾਇਆ ਜਾ ਰਿਹਾ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ ਅਨਾਜ ਮੰਡੀਆਂ ‘ਚ ਹੁਣ ਤੱਕ ਆਈ ਕੁੱਲ 31 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ‘ਚੋਂ 28 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਮਤਰੇਈ ਮਾਂ ਵਾਲੇ ਵਤੀਰੇ ਕਾਰਨ ਪੰਜਾਬ ਨੂੰ ਹਮੇਸ਼ਾ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਦੇ ਬਾਵਜੂਦ ਕੇਂਦਰ ਸਰਕਾਰ ਪਿਛਲੇ ਸੀਜ਼ਨ ਦੌਰਾਨ ਖਰੀਦੀ ਗਈ ਫਸਲ ਨੂੰ ਗੁਦਾਮਾਂ ‘ਚੋਂ ਚੁੱਕਣ ‘ਚ ਨਾਕਾਮ ਰਹੀ ਹੈ, ਜਿਸ ਕਾਰਨ ਸਟੋਰੇਜ ਸਮਰੱਥਾ ਨਾ ਹੋਣ ਕਾਰਨ ਲਿਫਟਿੰਗ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।

ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗੁਦਾਮਾਂ ‘ਚ ਪਈਆਂ ਫਸਲਾਂ ਨੂੰ ਸ਼ਿਫਟ ਕਰਨ ਲਈ ਕੇਂਦਰ ਨੂੰ ਵਾਰ-ਵਾਰ ਬੇਨਤੀ ਕਰ ਚੁੱਕੀ ਹੈ ਤਾਂ ਜੋ ਅਗਲੀ ਫਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਸ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨਾਲ ਬੈਠਕ ਕਰਕੇ ਇਸ ਸਮੱਸਿਆ ਦਾ ਹੱਲ ਕੱਢਣ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਨਿੱਜੀ ਤੌਰ ‘ਤੇ ਬੇਨਤੀ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ।

Exit mobile version