ਚੰਡੀਗੜ੍ਹ 19 ਅਗਸਤ 2022: ਸੀਬੀਆਈ (CBI) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇੱਕ ਐਫਆਈਆਰ ਦਰਜ ਕਰਨ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਈਏਐਸ ਅਧਿਕਾਰੀ ਆਰਵ ਗੋਪੀ ਕ੍ਰਿਸ਼ਣ ਦੇ ਸਥਾਨਾਂ ਦੇ ਨਾਲ 19 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਆਨੰਦ ਤਿਵਾਰੀ ਦੇ ਘਰ ਵਿੱਚ ਛਾਪੇਮਾਰੀ ਚੱਲ ਰਹੀ ਹੈ। ਆਨੰਦ ਤਿਵਾਰੀ ਨਵੀਂ ਐਕਸਾਈਜ ਪਾਲਿਸੀ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ |
ਇਸ ਦੌਰਾਨ ਸੀ.ਬੀ.ਆਈ. ਦੀ ਛਾਪੇਮਾਰੀ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਦੀ ਪੂਰੀ ਦੁਨੀਆ ‘ਚ ਤਾਰੀਫ਼ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਦੇ ਸਭ ਤੋਂ ਚੰਗੇ ਸਿੱਖਿਆ ਮੰਤਰੀ ਹਨ ਤੇ ਦਿੱਲੀ ਦੇ ਸਰਕਾਰੀ ਸਕੂਲ ਸਭ ਤੋਂ ਵਧੀਆ ਹਨ।
ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਦੇ ਸਭ ਤੋਂ ਵੱਡੇ ਅਖਬਾਰ ਨਿਊਯਾਰਕ ਟਾਈਮਜ਼ ਦੇ ਪਹਿਲੇ ਪੰਨੇ ‘ਤੇ ਦਿੱਲੀ ਦੇ ਸਿੱਖਿਆ ਮਾਡਲ ‘ਤੇ ਖ਼ਬਰ ਪ੍ਰਕਾਸ਼ਿਤ ਕੀਤੀ ਸੀ । ਕੇਂਦਰ ਸਰਕਾਰ ਦਿੱਲੀ ਦੇ ਸਿੱਖਿਆ ਮਾਡਲ ਤੋਂ ਪਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਅੜਿੱਕੇ ਆਉਣਗੇ ਪਰ ਕੰਮ ਨਹੀਂ ਰੁਕੇਗਾ। ਅਸੀਂ ਸਾਰਿਆਂ ਨੇ ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ।
ਜਿਕਰਯੋਗ ਹੈ ਕਿ ਸੀਬੀਆਈ ਨੇ ਹੁਣ ਤੱਕ ਆਪਣੀ ਛਾਪੇਮਾਰੀ ਵਿੱਚ ਮਨੀਸ਼ ਸਿਸੋਦੀਆ ਸਮੇਤ ਕਈ ਥਾਵਾਂ ਤੋਂ ਕਈ ਮਹੱਤਵਪੂਰਨ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ ਹਨ। ਇਸ ਸਮੇਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਇਕੱਠੇ ਹੋਏ।