Shivraj Singh Chauhan

ਹੜ੍ਹਾਂ ਦਾ ਸਾਹਮਣੇ ਕਰ ਰਹੇ ਪੰਜਾਬ ਦੀ ਹਰ ਸੰਭਵ ਮੱਦਦ ਕਰੇਗੀ ਕੇਂਦਰ ਸਰਕਾਰ: ਸ਼ਿਵਰਾਜ ਸਿੰਘ ਚੌਹਾਨ

ਪੰਜਾਬ, 04 ਸਤੰਬਰ 2025: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Shivraj Singh Chauhan) ਅੱਜ ਪੰਜਾਬ ਦੇ ਦੌਰੇ ‘ਤੇ ਹਨ ਤਾਂ ਜੋ ਮੀਂਹ ਅਤੇ ਹੜ੍ਹਾਂ ਕਾਰਨ ਵਿਗੜੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ, ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ ਪਹੁੰਚੇ। ਇੱਥੇ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਉਨ੍ਹਾਂ ਨੂੰ ਨੁਕਸਾਨੀਆਂ ਫਸਲਾਂ ਬਾਰੇ ਦੱਸਿਆ। ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ ਤੋਂ ਬਾਅਦ ਕੇਂਦਰੀ ਮੰਤਰੀ ਡੇਰਾ ਬਾਬਾ ਨਾਨਕ ਇਲਾਕੇ ‘ਚ ਪਹੁੰਚੇ। ਇਸ ਦੌਰਾਨ ਉਹ ਟਰੈਕਟਰ ‘ਤੇ ਸਵਾਰ ਸਨ। ਟਰੈਕਟਰ ਨੂੰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਚਲਾ ਰਹੇ ਸਨ। ਇੱਥੇ ਕੇਂਦਰੀ ਮੰਤਰੀ ਹੜ੍ਹ ਦੇ ਪਾਣੀ ‘ਚ ਉਤਰੇ ਅਤੇ ਲੋਕਾਂ ਨਾਲ ਗੱਲਬਾਤ ਕੀਤੀ।

ਇਸ ਤੋਂ ਪਹਿਲਾਂ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ 5 ਜ਼ਿਲ੍ਹਿਆਂ ‘ਚ ਹੋਏ ਨੁਕਸਾਨ ਦੀ ਰਿਪੋਰਟ ਸੌਂਪੀ। ਇਨ੍ਹਾਂ ‘ਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਸ਼ਾਮਲ ਹਨ।

ਇਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪੰਜਾਬ ਭੇਜਿਆ ਹੈ ਤਾਂ ਜੋ ਉਹ ਜ਼ਮੀਨੀ ਸਥਿਤੀ ਦਾ ਸਿੱਧਾ ਜਾਇਜ਼ਾ ਲੈ ਸਕਣ। ਇਸ ਤੋਂ ਬਾਅਦ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਰਵਾਨਾ ਹੋ ਗਏ।

ਸ਼ਿਵਰਾਜ (Shivraj Singh Chauhan) ਨੇ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਸੇਵਾ ਕਰਨ ‘ਚ ਸਭ ਤੋਂ ਅੱਗੇ ਰਿਹਾ ਹੈ। ਅੱਜ ਜਦੋਂ ਸੂਬਾ ਹੜ੍ਹਾਂ ਦੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਤਾਂ ਕੇਂਦਰ ਸਰਕਾਰ ਹਰ ਸੰਭਵ ਮੱਦਦ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ‘ਚ ਪੰਜਾਬ ਦੇ ਨਾਲ ਖੜ੍ਹੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਦੋ ਟੀਮਾਂ ਪਹਿਲਾਂ ਹੀ ਪੰਜਾਬ ਪਹੁੰਚ ਚੁੱਕੀਆਂ ਹਨ। ਇਹ ਟੀਮਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਨੁਕਸਾਨ ਦਾ ਮੁਲਾਂਕਣ ਕਰਨਗੀਆਂ ਅਤੇ ਇੱਕ ਰਿਪੋਰਟ ਤਿਆਰ ਕਰਨਗੀਆਂ, ਜੋ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਸੌਂਪੀ ਜਾਵੇਗੀ।

Read More: ਹੜ੍ਹਾਂ ਦੇ ਮੁੱਦੇ ‘ਤੇ ਆਲੋਚਨਾ ਕਰਨਾ ਸਹੀ ਨਹੀਂ, ਅੱਜ ਪੰਜਾਬ ਦੇ ਨਾਲ ਖੜ੍ਹੇ ਹੋਣ ਦਾ ਸਮਾਂ: ਰਾਜਾ ਵੜਿੰਗ

Scroll to Top