ਚੰਡੀਗੜ੍ਹ, 27 ਮਾਰਚ 2025: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (CEO Sibin C) ਨੇ ਬੀਤੇ ਦਿਨ ਯਾਨੀ ਬੁੱਧਵਾਰ ਨੂੰ ਆਪਣੇ ਦਫ਼ਤਰ ‘ਚ ਪੰਜਾਬ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਦੀ ਪ੍ਰਧਾਨਗੀ ਕੀਤੀ।
ਇਸ ਬੈਠਕ ਦੌਰਾਨ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਵਿਧਾਨਕ ਉਪਬੰਧਾਂ (ਆਰਟੀਕਲ 324 ਤੋਂ 329), ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951, ਨਿਯਮਾਂ ਅਤੇ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ ‘ਤੇ ਜਾਰੀ ਕੀਤੇ ਵੱਖ-ਵੱਖ ਨਿਰਦੇਸ਼ਾਂ ਬਾਰੇ ਪੀਪੀਟੀ ਦਿਖਾ ਕੇ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ |
ਮੁੱਖ ਚੋਣ ਅਧਿਕਾਰੀ ਸਿਬਿਨ ਸੀ (CEO Sibin C) ਨੇ ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਭਰ ‘ਚ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੇ ਪੱਧਰ ‘ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਫਲਤਾਪੂਰਵਕ ਬੈਠਕਾਂ ਹੋਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਬੈਠਕਾਂ ਦੌਰਾਨ ਕੋਈ ਮੁੱਦਾ ਜਾਂ ਚਿੰਤਾ ਨਹੀਂ ਉਠਾਈ ਅਤੇ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਕਿਰਿਆ ‘ਤੇ ਆਪਣੀ ਪੂਰੀ ਸੰਤੁਸ਼ਟੀ ਪ੍ਰਗਟ ਕੀਤੀ ਹੈ। ਹਾਲਾਂਕਿ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸੂਬਾ ਪੱਧਰ ‘ਤੇ ਵੋਟਰ ਸੂਚੀ, ਚੋਣਾਂ ਦੇ ਸੰਚਾਲਨ, ਚੋਣ ਕਮਿਸ਼ਨ ਦੁਆਰਾ ਜਾਰੀ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ, ਸ਼ਿਕਾਇਤਾਂ ਅਤੇ ਹੋਰ ਚੋਣ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ।
ਮੁੱਖ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਸੇਵਾਵਾਂ ਸੰਬੰਧੀ ਕਿਸੇ ਵੀ ਮੁੱਦੇ ਜਾਂ ਚੁਣੌਤੀਆਂ ਨੂੰ ਸਾਂਝਾ ਕਰਨ ਲਈ ਵੀ ਸੱਦਾ ਦਿੱਤਾ। ਬੈਠਕ ‘ਚ ਮੌਜੂਦ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੋਟਰ ਸੂਚੀ ਅਤੇ ਹੋਰ ਚੋਣ ਨਾਲ ਸਬੰਧਤ ਗਤੀਵਿਧੀਆਂ ‘ਤੇ ਜ਼ਮੀਨੀ ਪੱਧਰ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਕੋਲ ਉਠਾਉਣ ਲਈ ਕੋਈ ਖਾਸ ਮੁੱਦਾ ਨਹੀਂ ਹੈ। ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਤੀਨਿਧੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਸੁਝਾਵਾਂ ਸਮੇਤ ਇੱਕ ਪ੍ਰਸਤਾਵ ਵਿਚਾਰ ਲਈ ਪੇਸ਼ ਕੀਤਾ।
ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬੇਨਤੀ ਕੀਤੀ ਕਿ ਉਹ ਹਰੇਕ ਪੋਲਿੰਗ ਸਟੇਸ਼ਨ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਤੀਨਿਧੀਆਂ ਅਤੇ ਬੂਥ ਪੱਧਰੀ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਉਨ੍ਹਾਂ ਦੇ ਵੇਰਵੇ ਛੇਤੀ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ‘ਚ ਜਮ੍ਹਾਂ ਕਰਵਾਉਣ।
Read More: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ