Chandigarh

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਤੇ ਪੂਰੀ ਤਰ੍ਹਾਂ ਪੰਜਾਬ ਦਾ ਹਿੱਸਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਨਵੰਬਰ 2024: ਚੰਡੀਗੜ੍ਹ (Chandigarh) ‘ਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਨੂੰ ਜ਼ਮੀਨ ਦੇਣ ਦਾ ਮਾਮਲਾ ਭਖਿਆ ਹੋਇਆ ਹੈ | ਇਸਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਹੈ |

‘ਆਪ’ ਵਫ਼ਦ ਨੇ ਇਸ ਮੰਗ ਪੱਤਰ ਰਾਹੀ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਆਗੂ ਦੀਪਕ ਬਾਲੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਹਾਜ਼ਰ ਹਨ |

ਮੁਲਾਕਾਤ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕ ਲਈ ਬਹੁਤ ਅਹਿਮ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਪੰਜਾਬ ਨਾਲ ਸਬੰਧਿਤ ਹੈ। ਇਸ ਲਈ ‘ਆਪ’ ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ‘ਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ (Chandigarh) ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਚੰਡੀਗੜ੍ਹ ‘ਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ।’’ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਚਕੂਲਾ ‘ਚ 12 ਏਕੜ ਜ਼ਮੀਨ ਦੇ ਬਦਲੇ ਚੰਡੀਗੜ੍ਹ ‘ਚ 10 ਏਕੜ ਜ਼ਮੀਨ ਦੀ ਮੰਗੀ ਕੀਤੀ ਹੈ। ਇਹ ਤਜਵੀਜ਼ ਚੰਡੀਗੜ੍ਹ ‘ਚ ਆਪਣਾ ਵਿਧਾਨ ਸਭਾ ਕੰਪਲੈਕਸ ਬਣਾਉਣਾ ਉਨ੍ਹਾਂ ਦੇ ਸਪੱਸ਼ਟ ਏਜੰਡੇ ਦਾ ਹਿੱਸਾ ਹੈ। ‘ਆਪ’ ਇਸ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ।

ਪੰਜਾਬ ਵਿੱਤ ਮੰਤਰੀ (Harpal Singh Cheema) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੰਡੀਗੜ੍ਹ ਬਾਰੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ‘ਚ ਅਸਫਲ ਰਹੀਆਂ ਹਨ। ਜਦੋਂ ਪੰਜਾਬ ਅਤੇ ਹਰਿਆਣਾ ਬਣੇ ਸਨ, ਤਾਂ ਇਹ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਹਰਿਆਣਾ ਆਪਣੀ ਰਾਜਧਾਨੀ ਪੰਚਕੂਲਾ ‘ਚ ਸਥਾਪਿਤ ਕਰੇਗਾ, ਨਾ ਕਿ ਚੰਡੀਗੜ੍ਹ ‘ਚ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਪੰਚਕੂਲਾ ‘ਚ ਬਣਾਉਣੀ ਚਾਹੀਦੀ ਹੈ।

ਇਸ ਮੌਕੇ ‘ਆਪ’ ਦੇ ਵਫ਼ਦ ਨੇ ਚਿੰਤਾ ਜ਼ਾਹਿਰ ਕੀਤੀ ਕਿ ਪਿਛਲੀਆਂ ਸੂਬਾ ਸਰਕਾਰਾਂ ਇਸ ਮੁੱਦੇ ’ਤੇ ਠੋਸ ਸਟੈਂਡ ਲੈਣ ‘ਚ ਨਾਕਾਮ ਰਹੀਆਂ ਹਨ, ਜਿਸ ਕਾਰਨ ਸਥਿਤੀ ਸਮੇਂ ਦੇ ਨਾਲ ਹੋਰ ਗੁੰਝਲਦਾਰ ਹੋ ਗਈ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੇ ਹੱਕਾਂ ਨੂੰ ਹੋਰ ਖੋਰਾ ਨਹੀਂ ਲੱਗਣ ਦੇਵਾਂਗੇ। ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਲਈ ਆਪਣੀਆਂ ਕੁਰਬਾਨੀਆਂ ਲਈ ਜਾਣਿਆ ਜਾਂਦਾ ਹੈ, ਅਤੇ ਅਸੀਂ ਅੱਜ ਵੀ ਉਸ ਹੱਕ ਲਈ ਲੜਦੇ ਰਹਾਂਗੇ ਜੋ ਅਸਲੀਅਤ ‘ਚ ਸਾਡਾ ਹੈ।”

‘ਆਪ’ ਨੇ ਇਹ ਵੀ ਸਪੱਸ਼ਟ ਕੀਤਾ ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਚੰਡੀਗੜ੍ਹ ਪੰਜਾਬ ਦੀ ਅਣਵੰਡਿਆ ਰਾਜਧਾਨੀ ਬਣਿਆ ਰਹੇ।” ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਕੋਈ ਵੀ ਜ਼ਮੀਨ ਹਰਿਆਣਾ ਨੂੰ ਅਲਾਟ ਨਹੀਂ ਕੀਤੀ ਜਾਣੀ ਚਾਹੀਦੀ, ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ।

Scroll to Top