11 ਨਵੰਬਰ 2204: ਪ੍ਰਧਾਨ ਮੰਤਰੀ ਨਰਿੰਦਰ ਮੋਦੀ ( PRIME MINISTER NARINDER MODI) ਸਿਟੀ ਬਿਊਟੀਫੁੱਲ ਚੰਡੀਗੜ੍ਹ ਆ ਰਹੇ ਹਨ।ਦੱਸ ਦੇਈਏ ਕਿ ਇਸ ਬਾਰੇ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (amit shah) ਨੇ 4 ਅਗਸਤ ਨੂੰ ਦਿੱਤੀ ਸੀ ਉਹਨਾਂ ਕਿਹਾ ਸੀ ਕਿ ਜਿਸ ਦਿਨ ਚੰਡੀਗੜ੍ਹ (chandigarh) ਦੇ ਸਾਰੇ ਥਾਣਿਆਂ ‘ਚ ਤਿੰਨ ਨਵੇਂ ਅਪਰਾਧਿਕ ਕਾਨੂੰਨ 100 ਫੀਸਦੀ ਲਾਗੂ ਹੋ ਜਾਣਗੇ, ਉਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸ਼ਹਿਰ ‘ਚ ਆ ਕੇ ਲੋਕਾਂ ਨੂੰ ਰਿਟਰਨ ਤੋਹਫਾ ਦੇਣਗੇ। ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਚੰਡੀਗੜ੍ਹ ‘ਚ ਵੀ ਤਿਆਰੀਆਂ ਜ਼ੋਰਾਂ ‘ਤੇ ਹਨ। ਦੱਸ ਦੇਈਏ ਪੀਐਮ ਮੋਦੀ ਦੀ ਚੰਡੀਗੜ੍ਹ ਫੇਰੀ 3 ਦਸੰਬਰ ਨੂੰ ਤੈਅ ਹੋਈ ਹੈ।
ਪ੍ਰਧਾਨ ਮੰਤਰੀ ਮੋਦੀ ਦਾ ਇਹ ਵਿਸ਼ੇਸ਼ ਪ੍ਰੋਗਰਾਮ ਸੈਕਟਰ-12 ਸਥਿਤ ਪੰਜਾਬ ਇੰਜੀਨੀਅਰਿੰਗ ਕਾਲਜ (ਪੀ. ਈ. ਸੀ.) ਦੇ ਐਡਮਿਨ ਬਲਾਕ ਨੇੜੇ ਫੁੱਟਬਾਲ ਗਰਾਊਂਡ ‘ਚ ਆਯੋਜਿਤ ਕੀਤਾ ਜਾਵੇਗਾ। ਸਮਾਗਮ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਰਿਹਾ ਹੈ। ਇਸ ਨੂੰ ਸੁਰੱਖਿਅਤ ਬਣਾਉਣ ਲਈ ਪੁਖਤੇ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ਵਾਲੀ ਥਾਂ ਨੇੜੇ ਪੈਕ ਦੀਆਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ। ਪੇਕ ਦੀਆਂ ਅੰਦਰੂਨੀ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਪਿਛਲੇ ਕਈ ਸਾਲਾਂ ਤੋਂ ਲਟਕਿਆ ਹੋਇਆ ਸੀ ਪਰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਤੋਂ ਬਾਅਦ ਇਨ੍ਹਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਫਿਲਹਾਲ ਸਿਰਫ ਉਸ ਪਾਸੇ ਸੜਕਾਂ ਬਣਾਈਆਂ ਜਾ ਰਹੀਆਂ ਹਨ ਜਿੱਥੇ ਪ੍ਰਧਾਨ ਮੰਤਰੀ ਨੇ ਆਉਣਾ ਹੈ।