July 7, 2024 8:39 pm
Chandigarh

ਚੰਡੀਗੜ੍ਹ ਪੰਜਾਬ-ਹਰਿਆਣਾ ਦੀ ਸਾਂਝੀ ਰਾਜਧਾਨੀ, ਮਾਨ ਹਰਿਆਣਾ ਤੋਂ ਮਾਫੀ ਮੰਗਣ: ਮਨੋਹਰ ਲਾਲ ਖੱਟਰ

ਚੰਡੀਗੜ੍ਹ 03 ਅਪ੍ਰੈਲ 2022: ਚੰਡੀਗੜ੍ਹ (Chandigarh) ਮੁੱਦੇ ਨੂੰ ਲੈ ਕੇ ਪੰਜਾਬ CM ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਹਮੋ-ਸਾਹਮਣੇ ਹੋ ਗਏ ਹਨ। ਜਿਥੇ ਪੰਜਾਬ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਇਆ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਸਰਕਾਰ ‘ਤੇ ਭੜਕ ਉੱਠੇ, ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਚੰਡੀਗੜ੍ਹ ‘ਤੇ ਕਬਜ਼ੇ ਲਈ ਮਤਾ ਪਾਸ ਕਰਕੇ ਹਰਿਆਣਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਇਸਦੇ ਨਾਲ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਸੀ ਕਿ ਚੰਡੀਗੜ੍ਹ (Chandigarh) ਪੂਰੀ ਤਰ੍ਹਾਂ ਪੰਜਾਬ ਨੂੰ ਦਿੱਤਾ ਜਾਵੇ। ਭਗਵੰਤ ਮਾਨ ਦਾ ਤਰਕ ਹੈ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾ ਦਿੱਤਾ ਗਿਆ। ਪੰਜਾਬ ਚੰਡੀਗੜ੍ਹ ਦਾ ਮੂਲ ਰਾਜ ਹੈ, ਇਸ ਲਈ ਇਸ ‘ਤੇ ਸਾਡਾ ਹੱਕ ਹੈ।

ਮਨੋਹਰ ਲਾਲ ਖੱਟਰ ਨੇ ਚੁੱਕਿਆ SYL ਦਾ ਮੁੱਦਾ
ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਜੀਵ-ਲੌਂਗੋਵਾਲ ਸਮਝੌਤੇ ਅਨੁਸਾਰ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਜੇਕਰ ਪੰਜਾਬ ਸਰਕਾਰ ਕੁਝ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮਸਲਾ ਹੱਲ ਕਰੇ। ਹਰਿਆਣਾ ਨੂੰ ਵੀ ਹਿੰਦੀ ਬੋਲਦੇ ਇਲਾਕੇ ਦਿੱਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ‘ਤੇ ਕੁਝ ਹੱਕ ਹਿਮਾਚਲ ਪ੍ਰਦੇਸ਼ ਦਾ ਵੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੁਝ ਦਿਨ ਪਹਿਲਾਂ ਚੰਡੀਗੜ੍ਹ ਆਏ ਸਨ। ਉਨ੍ਹਾਂ ਚੰਡੀਗੜ੍ਹ ‘ਚ ਕੰਮ ਕਰਦੇ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਨਿਯਮਾਂ ਦਾ ਐਲਾਨ ਕੀਤਾ। ਜਿਸ ਦੀ ਅਗਲੇ ਦਿਨ ਸੂਚਨਾ ਵੀ ਮਿਲੀ। ਇਸ ਤੋਂ ਬਾਅਦ ਪੰਜਾਬ ਸਰਕਾਰ ਭੜਕ ਗਈ। ਸੀਐਮ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਪਾਸ ਕੀਤਾ ਹੈ। ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਹੈ।