ਪੰਜਾਬ, 19 ਜੁਲਾਈ 2025: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ‘ਤੇ ਉਨ੍ਹਾਂ ਵਿਰੁੱਧ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਉਨ੍ਹਾਂ ‘ਤੇ ਲੱਗੇ ਦੋਸ਼ਾਂ ਮੁਤਾਬਕ ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ, ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ, ਕਈ ਵਿੱਤੀ ਬੇਨਿਯਮੀਆਂ ਕੀਤੀਆਂ ਅਤੇ ਆਪਣੇ ਪਰਿਵਾਰ ਦੇ ਨਾਮ ‘ਤੇ ਗੈਰ-ਕਾਨੂੰਨੀ ਜਾਇਦਾਦਾਂ ਬਣਾਈਆਂ।
ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਾਂਚ ਦੌਰਾਨ ਮਿਲੇ ਮਹੱਤਵਪੂਰਨ ਦਸਤਾਵੇਜ਼ਾਂ ਅਤੇ ਗਵਾਹਾਂ ਦੇ ਬਿਆਨਾਂ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ ਹੈ, ਜਿਸ ਨਾਲ ਕੇਸ ਹੋਰ ਮਜ਼ਬੂਤ ਹੋਇਆ ਹੈ। ਅਧਿਕਾਰੀਆਂ ਮੁਤਾਬਕ ਚਾਰਜਸ਼ੀਟ ‘ਚ ਬਹੁਤ ਸਾਰੇ ਅਜਿਹੇ ਤੱਥ ਅਤੇ ਸਬੂਤ ਹਨ, ਜੋ ਭ੍ਰਿਸ਼ਟਾਚਾਰ ਦੀ ਡੂੰਘਾਈ ਨੂੰ ਦਰਸਾਉਂਦੇ ਹਨ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਵਧਾਉਂਦੇ ਹਨ। ਹੁਣ ਮਾਮਲੇ ਦੀ ਸੁਣਵਾਈ ਛੇਤੀ ਹੀ ਅਦਾਲਤ ‘ਚ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਜਿਕਰਯੋਗ ਹੈ ਕਿ ਵਿਜੀਲੈਂਸ ਨੇ ਰਮਨ ਅਰੋੜਾ ਨੂੰ 23 ਮਈ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ‘ਤੇ ਪੁੱਛਗਿੱਛ ਕੀਤੀ ਗਈ। ਰਿਮਾਂਡ ਦੌਰਾਨ ਵੀ ਕਈ ਮਹੱਤਵਪੂਰਨ ਜਾਣਕਾਰੀਆਂ ਸਾਹਮਣੇ ਆਈਆਂ, ਜਿਨ੍ਹਾਂ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ ਸੀ।
Read More: ਹਾਈ ਕੋਰਟ ਨੇ MLA ਰਮਨ ਅਰੋੜਾ ਦੇ ਪੁੱਤਰ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ