ਐਸ.ਏ.ਐਸ ਨਗਰ 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ‘ਚ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਮੁਹਿੰਮ ‘ਹਰ ਸ਼ੁੱਕਰਵਾਰ, ਡੇਂਗੂ (dengue) ‘ਤੇ ਵਾਰ’ ਨੂੰ ਜਾਰੀ ਰੱਖਦਿਆਂ ਜਿਲ੍ਹੇ ਦੇ ਨਿਆਗਾਂਓ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਚੈਕਿੰਗ ਕੀਤੀ ਗਈ।
ਸੀਨੀਅਰ ਰੀਜ਼ਨਲ ਡਾਇਰੈਕਟਰ ਡਾ. ਅਮਰਜੀਤ ਕੌਰ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼, ਮੈਡੀਕਲ ਅਫ਼ਸਰ ਡਾ. ਸੰਜੇ ਸ਼ਰਮਾ, ਸਟੇਟ ਐਂਟੋਮੋਲੋਜਿਸਟ ਨਿਜਾਤਇੰਦਰ ਸਿੰਘ, ਅਸਿਸਟੈਂਟ ਪ੍ਰੋਗਰਾਮ ਅਫ਼ਸਰ ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੀ ਟੀਮ ਨੇ ਨਗਰ ਕੌਂਸਲ ਨਿਆਗਾਂਓ, ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੈਕਿੰਗ ਕੀਤੀ, ਜਿਸ ਦੌਰਾਨ ਨਗਰ ਕੌਂਸਲ ਦਫਤਰ ਤੇ ਹਦੂਦ ਵਿਖੇ ਕਈ ਥਾਵਾਂ ਉਤੇ ਅਤੇ ਪ੍ਰਾਇਮਰੀ ਸਕੂਲ ਵਿਚ ਵੀ ਮੱਛਰਾਂ ਦਾ ਲਾਰਵਾ ਪਾਇਆ ਗਿਆ।
ਅਧਿਕਾਰੀਆਂ ਨੇ ਬਾਅਦ ਵਿਚ ਇਕ ਮੀਟਿੰਗ ਕਰਕੇ ਦੱਸਿਆ ਕਿ ਭਾਵੇਂ ਸੂਬੇ ਵਿੱਚ ਡੇਂਗੂ (dengue) ਦੇ ਕੇਸਾਂ ਵਿਚ ਕਮੀਂ ਆਉਣੀ ਸ਼ੁਰੂ ਹੋ ਗਈ ਹੈ ਪਰ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਅਤੇ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬਿਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ, ਪਰ ਇਸ ਦੇ ਬਾਵਜੂਦ ਵੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨੇ ਵਧਾਏ ਜਾਣ ਦੀ ਹਦਾਇਤ ਕੀਤੀ। ਇਲਾਕੇ ਵਿਚ ਮਿਠਾਈ ਦੀਆਂ ਦੁਕਾਨਾਂ ਉਪਰ ਮੱਛਰ ਦੇ ਲਾਰਵਾ ਦੀ ਚੈਕਿੰਗ ਕੀਤੀ ਗਈ।
ਟੀਮ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿਚ ਕੂਲਰ, ਫਰਿਜ਼ਾਂ ਦੇ ਪਿੱਛੇ ਟਰੇਆਂ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਵਾਸਤੇ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ।