ਚੰਡੀਗੜ੍ਹ, 10 ਅਗਸਤ 2024: ਭਾਰਤ ਦੇ ਚੀਫ਼ ਜਸਟਿਸ ਧਨੰਜੈ ਯਸ਼ਵੰਤ ਚੰਦਰਚੂੜ (DY Chandrachud) ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਅਤੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ | ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਮੀਂਹ ਦੇ ਵਿਚਕਾਰ ਵੀ ਇੱਕ ਆਮ ਸ਼ਰਧਾਲੂ ਵਾਂਗ ਪੂਰੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ | ਇਸ ਦੌਰਾਨ ਚੀਫ਼ ਜਸਟਿਸ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਰਹੇ | ਉਨ੍ਹਾਂ ਨੇ ਚੀਫ਼ ਜਸਟਿਸ ਚੰਦਰਚੂੜ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਰਿਆਦਾ ਤੋਂ ਜਾਣੂ ਕਰਵਾਇਆ।
ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਚੀਫ਼ ਜਸਟਿਸ (DY Chandrachud) ਨੂੰ ਮੰਗ ਪੱਤਰ ਵੀ ਸੌਂਪਿਆ । ਮੰਗ ਪੱਤਰ ‘ਚ ਕਿਹਾ ਗਿਆ ਹੈ ਕਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਘੱਟ ਗਿਣਤੀ ਸਿੱਖ ਭਾਈਚਾਰੇ ਵਿਰੁੱਧ ਬੇਕਾਬੂ ਅਤੇ ਸੰਗਠਿਤ ਨਫ਼ਰਤੀ ਅਭਿਆਨ ਅਤੇ ਪ੍ਰਚਾਰ ਬਹੁਤ ਜ਼ਰੂਰੀ ਮੁੱਦਾ ਬਣਦਾ ਜਾ ਰਿਹਾ ਹੈ। ਜਿਸ ਨੂੰ ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਸਹੀ ਢੰਗ ਨਾਲ ਰੋਕਿਆ ਨਹੀਂ ਜਾ ਰਿਹਾ। ਸੁਪਰੀਮ ਕੋਰਟ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਜਿਹੇ ਫਿਰਕੂ ਅਤੇ ਨਫ਼ਰਤ ਭਰੇ ਪ੍ਰਗਟਾਵੇ ਵਿਰੁੱਧ ਬਹੁਤ ਸਖ਼ਤ ਹੈ। ਸ਼੍ਰੋਮਣੀ ਕਮੇਟੀ ਨੇ ਇਸ ਗੰਭੀਰ ਮਾਮਲੇ ‘ਚ ਦਖਲ ਦੀ ਮੰਗ ਕੀਤੀ ਹੈ ।