Bhagwant Mann

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਵੌਲਵੋ ਬੱਸਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ 15 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( Bhagwant Mann ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਾਂਝੇ ਤੌਰ ਉਤੇ ਝੰਡੀ ਵਿਖਾ ਕੇ ਕੀਤੀ। ਇਸ ਮੌਕੇ ਜਨਤਕ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਨੇ ਕਿਹਾ, “ਅੱਜ ਦੇ ਦਿਨ ਇਹ ਇਤਿਹਾਸਕ ਮੌਕਾ ਹੈ ਜਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਇਜਾਰੇਦਾਰੀ ਨੂੰ ਖਤਮ ਕਰਕੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਦਿੱਤਾ ਹੈ। ਸਰਕਾਰ ਨੇ ਮਹਿਜ਼ 1170 ਰੁਪਏ ਦੇ ਕਿਰਾਏ ਨਾਲ ਦਿੱਲੀ ਏਅਰਪੋਰਟ ਲਈ ਲਗਜ਼ਰੀ ਬੱਸ ਸੇਵਾ ਸ਼ੁਰੂ ਕੀਤੀ ਜਿਸ ਨਾਲ ਹੁਣ ਲੋਕਾਂ ਦੀ ਲੁੱਟ ਖਤਮ ਹੋਵੇਗੀ।”

ਜਲੰਧਰ ਸਮੇਤ ਕਈ ਜ਼ਿਲ੍ਹਿਆਂ ‘ਚ ਵੌਲਵੋ ਬੱਸਾਂ ਦੀ ਸਹੂਲਤ

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਤੱਕ ਰੋਜ਼ਾਨਾ 7 ਵੌਲਵੋ ਬੱਸਾਂ ਚੱਲਿਆ ਕਰਨਗੀਆਂ। ਇਸੇ ਤਰ੍ਹਾਂ ਮੁਸਾਫਰਾਂ ਦੀ ਸਹੂਲਤ ਲਈ ਅਜਿਹੀਆਂ ਹੀ ਬੱਸਾਂ ਏਅਰਪੋਰਟ ਲਈ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਇੱਥੋਂ ਤੱਕ ਕਿ ਚੰਡੀਗੜ੍ਹ ਤੋਂ ਵੀ ਚੱਲਿਆ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਵਿਚ ਕਿਫਾਇਤੀ ਕਿਰਾਏ ਨਾਲ ਏਅਰਪੋਰਟ ਲਈ ਆਰਾਮਦਾਇਕ ਤੇ ਵਧੀਆ ਸਫਰ ਅਤੇ ਹੋਰ ਸੁਖ ਸਹੂਲਤਾਂ ਮਿਲਣਗੀਆਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਏਅਰਪੋਰਟ ਲਈ ਜਾਣ ਦੇ ਚਾਹਵਾਨ ਮੁਸਾਫਰ ਸਫਰ ਕਰਨ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਜਦਕਿ ਬੱਸ ਅੱਡੇ ਦੇ ਕਾਊਂਟਰਾਂ ’ਤੇ ਛੇ ਮਹੀਨੇ ਪਹਿਲਾਂ ਟਿਕਟਾਂ ਬੁੱਕ ਕਰਵਾਈ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਵਾਸੀਆਂ ਨੇ ਮਾਫੀਏ ਦਾ ਖਾਤਮਾ ਕਰਕੇ ਸੂਬੇ ਦੀ ਸੇਵਾ ਕਰਨ ਦਾ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਚੱਲਣ ਨਾਲ ਹੁਣ ਟਰਾਂਸਪੋਰਟ ਮਾਫੀਆ ਬੀਤੇ ਸਮੇਂ ਦੀ ਗੱਲ ਹੋ ਜਾਵੇਗਾ।

ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਲਈ ਪਿਛਲੀ ਸਰਕਾਰਾਂ ਜ਼ਿੰਮੇਵਾਰ

ਭਗਵੰਤ ਮਾਨ (Bhagwant Mann) ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਦਹਾਕਿਆਂ ਤੋਂ ਸਿਰਫ ਪ੍ਰਾਈਵੇਟ ਟਰਾਂਸਪੋਰਟਰ ਹੀ ਇਸ ਰੂਟ ਉਤੇ ਬੱਸਾਂ ਚਲਾ ਰਹੇ ਸਨ ਅਤੇ ਵੱਧ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟਦੇ ਸਨ। ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਲਈ ਬੀਤੇ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਸੌੜੇ ਹਿੱਤ ਹੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੇ ਸਨ। ਭਗਵੰਤ ਮਾਨ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਟਰਾਂਸਟਪੋਰਟ ਲੀਡਰ ਇਸ ਰੂਟ ਉਤੇ ਸਰਕਾਰੀ ਬੱਸਾਂ ਚੱਲਣ ਦੀ ਇਜਾਜ਼ਤ ਨਾ ਦੇ ਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਲੋਕਾਂ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ ਕਿਉਂ ਜੋ ਸਾਬਕਾ ਮੁੱਖ ਮੰਤਰੀਆਂ, ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਆਪਣੀਆਂ ਬੱਸਾਂ ਦੀ ਗਿਣਤੀ ਵਧਾਉਣ ਉਤੇ ਹੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦੀ ਤਾਕਤ ਲੋਕਾਂ ਦੀ ਭਲਾਈ ਉਤੇ ਨਹੀਂ ਸਗੋਂ ਟਰਾਂਸਪੋਰਟ ਮਾਫੀਏ ਦੇ ਪੈਰ ਪੱਕੇ ਕਰਨ ਉਤੇ ਵਰਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰਕੇ ਲੋਕਾਂ ਦਾ ਸ਼ੋਸ਼ਣ ਕੀਤਾ।

ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਏ ਦਾ ਖਾਤਮਾ ਕਰੇਗੀ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਏ ਦਾ ਖਾਤਮਾ ਕਰਨ ਲਈ ਚੁੱਕੇਗੀ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਂਦੇ ਵੱਡੀ ਗਿਣਤੀ ਵਿਚ ਐਨ.ਆਰ.ਆਈ. ਉਨ੍ਹਾਂ ਕੋਲ ਅਕਸਰ ਇਹ ਸ਼ਿਕਾਇਤ ਕਰਦੇ ਸਨ ਕਿ ਸਿਰਫ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਕਿਉਂ ਦਿੱਤਾ ਗਆ ਅਤੇ ਸਰਕਾਰੀ ਬੱਸਾਂ ਕਿਉਂ ਨਹੀਂ ਚਲਾਈਆਂ ਜਾ ਰਹੀਆਂ।

ਉਨ੍ਹਾਂ ਕਿਹਾ ਕਿ ਹੁਣ ਟਰਾਂਸਪੋਰਟ ਮਾਫੀਏ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਨਾਲੋਂ ਅੱਧਾ ਕਿਰਾਇਆ ਵਸੂਲਣਗੀਆਂ ਅਤੇ ਇਨ੍ਹਾਂ ਨਾਲੋ ਦੂਣੀਆਂ ਸਹੂਲਤਾਂ ਵੀ ਮੁਸਾਫਰਾਂ ਨੂੰ ਮਿਲਣਗੀਆਂ। ਭਗਵੰਤ ਮਾਨ ਨੇ ਦਿੱਲੀ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਨੇਕ ਕਾਰਜ ਲਈ ਪੂਰਨ ਤੌਰ ਉਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਪੰਜਾਬ ਨੂੰ ਗੈਂਗਸਟਰ ਮੁਕਤ ਧਰਤੀ ਬਣਾਉਣ ਦਾ ਅਹਿਦ ਲਿਆ

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਧਰਤੀ ਬਣਾਉਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਕਾਲੀਆਂ ਤੇ ਕਾਂਗਰਸੀਆਂ ਵੱਲੋਂ ਪੈਦਾ ਕੀਤਾ ਹੋਇਆ ਹੈ, ਜਿਨ੍ਹਾਂ ਨੇ ਇਨ੍ਹਾਂ ਅਪਰਾਧੀਆਂ ਦੀ ਖੁੱਲ੍ਹ ਕੇ ਪੁਸ਼ਤ-ਪਨਾਹੀ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਜਦੋਂ ਇਨ੍ਹਾਂ ਗੈਂਗਸਟਰਾਂ ਦੀ ਪੁਸ਼ਤ-ਪਨਾਹੀ ਖ਼ਤਮ ਹੋ ਗਈ ਹੈ ਤਾਂ ਇਹ ਅਪਰਾਧੀ ਜਲਦੀ ਸਲਾਖਾਂ ਪਿੱਛੇ ਹੋਣਗੇ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਲਈ ਅਹਿਮ ਦਿਨ ਹੈ ਕਿਉਂਕਿ ਵੌਲਵੋ ਬੱਸਾਂ ਅੱਜ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣੀਆਂ ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਖ਼ਾਸ ਤੌਰ ਉਤੇ ਪੰਜਾਬੀਆਂ ਲਈ ਜ਼ਿਆਦਾ ਆਰਾਮਦਾਇਕ ਤੇ ਲਾਭਕਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਇਮਾਨਦਾਰ ਸਰਕਾਰ ਹੈ, ਜਿਹੜੀ ਪਾਰਦਰਸ਼ੀ ਤਰੀਕੇ ਨਾਲ ਕੰਮ ਕਰ ਰਹੀ ਹੈ, ਜਿਸ ਨਾਲ ਲੋਕ ਪੱਖੀ ਪਹਿਲਕਦਮੀਆਂ ਲਾਗੂ ਕਰਨ ਦਾ ਰਾਹ ਪੱਧਰਾ ਹੋ ਰਿਹਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਸਿੱਧਾ ਤੇ ਸਖ਼ਤ ਹਮਲਾ ਕੀਤਾ ਹੈ ਤਾਂ ਕਿ ਲੋਕਾਂ ਦੀ ਭਲਾਈ ਲਈ ਇਸ ਦਾ ਸਫਾਇਆ ਹੋਵੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਮਾਨਦਾਰ ਸਰਕਾਰ ਦੀ ਅਜਿਹੀ ਮਿਸਾਲ ਮਿਲਣੀ ਔਖੀ ਹੈ, ਜਿਸ ਵਿੱਚ ਆਪ ਸਰਕਾਰ ਨੇ ਵੱਢੀਖੋਰੀ ਦੇ ਦੋਸ਼ਾਂ ਹੇਠ ਆਪਣੇ ਹੀ ਮੰਤਰੀ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਤਬਾਦਲਿਆਂ ਤੇ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਵੀ ਜੰਗ ਵਿੱਢੀ ਹੈ ਤਾਂ ਕਿ ਲੋਕਾਂ ਨੂੰ ਕੰਮਾਂ ਲਈ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ।

5500 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 5500 ਏਕੜ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਠੇਕੇ ਉਤੇ ਰੱਖੇ 26 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਅਗਲੇ ਸੈਸ਼ਨ ਵਿੱਚ ਇਕ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮਾਫ਼ੀਆ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ।

ਗੈਂਗਸਟਰਾਂ ਦੇ ਗਠਜੋੜ ਦੇ ਸਫ਼ਾਏ ਦੀ ਗੱਲ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਤੇ ਵੀ ਹੋਏ ਅਪਰਾਧ ਦੇ ਕਿਸੇ ਵੀ ਦੋਸ਼ੀ ਨੂੰ ਨਹੀਂ ਬਖ਼ਸ਼ੇਗੀ, ਜਦੋਂ ਕਿ ਪਿਛਲੀਆਂ ਸਰਕਾਰਾਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੀ ਪੁਸ਼ਤ-ਪਨਾਹੀ ਕਰਦੀਆਂ ਸਨ। ਕੇਜਰੀਵਾਲ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਨੂੰ ਖ਼ਤਮ ਕਰਨ ਦੇ ਨਾਲ-ਨਾਲ ਬੰਦੀਆਂ ਵਿਚਾਲੇ ਅਨੁਸ਼ਾਸਨ ਯਕੀਨੀ ਬਣਾਉਣ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਸਰਕਾਰ ਦੀ ਕਾਇਮੀ ਦੇ ਤਿੰਨ ਮਹੀਨੇ ਲਾਮਿਸਾਲ ਤਰੱਕੀ ਤੇ ਵਿਕਾਸ ਦੇ ਗਵਾਹ ਬਣੇ ਹਨ।

ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲੇਗਾ ਫਾਇਦਾ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਇਸ ਸਹੂਲਤ ਲਈ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਹੰਭਲੇ ਨਾਲ ਪ੍ਰਾਈਵੇਟ ਟਰਾਂਸਪੋਰਟ ਦੀ ਇਜ਼ਾਰੇਦਾਰੀ ਦਾ ਖ਼ਾਤਮਾ ਹੋਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਬੱਸਾਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਨਵੀਂ ਦਿੱਲੀ ਲਈ ਰਵਾਨਾ ਹੋਣਗੀਆਂ, ਜਿਸ ਨਾਲ ਸੂਬੇ ਤੇ ਵਿਦੇਸ਼ਾਂ ਵਿੱਚ ਵੱਸਦੇ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿੱਚ ਚਾਰਜ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਵੌਲਵੋ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੀਆਂ ਵੌਲਵੋ ਬੱਸਾਂ ਸਿੱਧੀਆਂ ਏਅਰਪੋਰਟ ਟਰਮੀਨਲਾਂ ਉਤੇ ਜਾਣਗੀਆਂ।

ਇਸ ਤੋਂ ਪਹਿਲਾਂ ਸਕੱਤਰ ਟਰਾਂਸਪੋਰਟ ਪੰਜਾਬ ਵਿਕਾਸ ਗਰਗ ਤੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਦਿੱਲੀ ਅਸ਼ੀਸ਼ ਕੁੰਦਰਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਸ ਸਟੈਂਡ ਦੇ ਅੰਦਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਉਤੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ, ਹਰਜੋਤ ਬੈਂਸ, ਕੁਲਦੀਪ ਧਾਲੀਵਾਲ ਅਤੇ ਕਈ ਵਿਧਾਇਕ ਹਾਜ਼ਰ ਸਨ।
ਸਮਾਗਮ ਦੌਰਾਨ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਜੀ.ਐਸ. ਸੰਧੂ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਹਾਜ਼ਰ ਸਨ।

Scroll to Top