ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੁਲਿਸ ਵਿਭਾਗ (Police Department) ਵਿੱਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਆਮ ਆਦਮੀ ਸਰਕਾਰ ਪੰਜਾਬ ਪੁਲਿਸ ਵਿੱਚ 2500 ਦੇ ਕਰੀਬ ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰੇਗੀ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵੀ ਢੰਗ ਨਾਲ ਕਾਇਮ ਰੱਖਣ ਦੇ ਨਾਲ-ਨਾਲ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਮਨੁੱਖੀ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਵਿੱਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਵਿੱਚ ਕਾਂਸਟੇਬਲਾਂ ਦੀਆਂ 1156, ਇਨਵੈਸਟੀਗੇਸ਼ਨ ਕਾਡਰ ਵਿੱਚ ਹੈੱਡ ਕਾਂਸਟੇਬਲ ਦੀਆਂ 787 ਅਤੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਲ ਹਨ। ਭਗਵੰਤ ਮਾਨ ਨੇ ਦੱਸਿਆ ਕਿ ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ, 2022 ਨੂੰ ਹੋਵੇਗੀ, ਜਦੋਂ ਕਿ ਹੈੱਡ ਕਾਂਸਟੇਬਲਾਂ ਦੀ ਪ੍ਰੀਖਿਆ 15 ਅਕਤੂਬਰ, 2022 ਨੂੰ ਹੋਵੇਗੀ ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ 16 ਅਕਤੂਬਰ, 2022 ਨੂੰ ਹੋਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲਿਸ ਫੋਰਸ ਵਿੱਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਅਮਲ ਅਧੀਨ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ‘ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 17000 ਤੋਂ ਵੱਧ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਹੋਰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਇਕ ਨੁਕਾਤੀ ਆਧਾਰ ਹੋਵੇਗਾ।