Bhagwant Maan

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਹਿਗੜ੍ਹ ਸਾਹਿਬ ਦੇ ਸਾਂਝ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ 07 ਦਸੰਬਰ 2023: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਨੂੰ ਸ਼ੋਕ ਵਜੋਂ ਮਨਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਉਹ ਘੜੀ ਹੈ ਜਦੋਂ ਕਿ 7 ਤੇ 9 ਸਾਲ ਦੀ ਛੋਟੀ ਉਮਰ ਵਿੱਚ ਛੋਟੇ ਸਾਹਿਬ਼ਜਾਦਿਆਂ ਨੂੰ ਜਾਲਮਾਨਾਂ ਤਰੀਕੇ ਨਾਲ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Maan) ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਸਾਂਝ ਕੇਂਦਰ ਦੀ ਅਚਨਚੇਤ ਚੈਕਿੰਗ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਲੰਗਰ ਪ੍ਰਥਾ ਸਿੱਖ ਪੰਥ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਹੈ, ਇਸ ਲਈ ਸ਼ਹੀਦੀ ਸਭਾ ਮੌਕੇ ਸਿਰਫ ਸਾਦੇ ਲੰਗਰ ਹੀ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਤੱਕ ਦੁਨੀਆਂ ਦੀ ਇਸ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਮੁਹੱਈਆ ਕਰਵਾਉਣੀ ਚਾਹੀਦੀ ਹੈ।

ਮੁੱਖ ਮੰਤਰੀ (Bhagwant Maan) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਹੈ ਕਿ ਦਸੰਬਰ ਮਹੀਨੇ ਨੂੰ ਸ਼ੋਕ ਦੇ ਮਹੀਨੇ ਵਜੋਂ ਮਨਾਇਆ ਜਾਵੇਗਾ ਅਤੇ ਇਸ ਮਹੀਨੇ ਦੌਰਾਨ ਖੁਸ਼ੀ ਦਾ ਕੋਈ ਵੀ ਸਮਾਗਮ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਪੁਲਿਸ ਵੱਲੋਂ ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਬੱਚਿਆਂ ਤੇ ਔਰਤਾਂ ਦੀ ਸਹੂਲਤ ਲਈ 5 ਵਿਸ਼ੇਸ਼ ਸਾਂਝ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਤਾਂ ਜੋ ਸੰਗਤ ਨੂੰ ਤੁਰੰਤ ਲੋੜੀਂਦੀ ਪੁਲਿਸ ਸਹਾਇਤਾ ਮਿਲ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਨੁੰ ਆਉਣ ਵਾਲੇ ਦੂਸਰੇ ਜ਼ਿਲ੍ਹਿਆਂ ਦੇ ਰਸਤਿਆਂ ਤੇ ਮੁਫਤ ਪਾਰਕਿੰਗ ਵੀ ਬਣਾਈਆਂ ਜਾਣਗੀਆਂ।

ਪੱਤਰਕਾਰਾਂ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਮੁਰੰਮਤ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਨ੍ਹਾਂ ਸੜਕਾਂ ਦੀ ਤੁਰੰਤ ਲੋੜੀਂਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਸੜਕਾਂ ਨੂੰ ਇਸ ਤਰ੍ਹਾਂ ਬਣਾਇਆ ਜਾਵੇ ਜੋ ਕਿ ਛੇਤੀ ਖਰਾਬ ਨਾ ਹੋਣ।

ਉਨ੍ਹਾਂ (Bhagwant Maan) ਹੋਰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸਰਕਾਰ ਐਸ.ਜੀ.ਪੀ.ਸੀ. ਨੂੰ ਪੂਰਨ ਸਹਿਯੋਗ ਦੇਵੇਗੀ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਜੇਕਰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਪੁਲਿਸ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਸਾਂਝ ਕੇਂਦਰਾਂ ਤੇ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਡੀ.ਜੇ. ਜਾਂ ਜਲੇਬੀਆਂ ਆਦਿ ਦੇ ਲੰਗਰ ਨਾ ਲਗਾਏ ਜਾਣ ਅਤੇ ਸ਼ਹੀਦੀ ਸਭਾ ਨੂੰ ਪੂਰੀ ਮਰਿਆਦਾ ਵਿੱਚ ਰਹਿ ਕੇ ਸ਼ੋਕ ਸਭਾ ਵਜੋਂ ਹੀ ਮਨਾਇਆ ਜਾਵੇ।

ਸ. ਮਾਨ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਸਰਕਾਰ ਆਉਂਦੀ 10 ਦਸੰਬਰ ਤੋਂ ” ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ ” ਨਾਮ ਹੇਠ ਇੱਕ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਤਹਿਤ ਲੋਕਾਂ ਨੂੰ ਇੱਕ ਨੰਬਰ ਜਾਰੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਲਗਭਗ 42 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਵਿੱਚ ਹੀ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੋਟਾਂ ਤੋਂ ਪਹਿਲਾਂ ਤਾਂ ਲੋਕਾਂ ਦੇ ਘਰਾਂ ਤੱਕ ਜਾਂਦੀਆਂ ਹਨ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੀ ਸਾਰ ਨਹੀਂ ਲੈਂਦੀਆਂ।

ਪ੍ਰੰਤੂ ਸਾਡੀ ਪਾਰਟੀ ਲੋਕਾਂ ਦੇ ਘਰਾਂ ਤੱਕ ਜਾਵੇਗੀ ਅਤੇ ਉਨ੍ਹਾਂ ਨੁੰ ਹਰ ਸਹੂਲਤ ਮੁਹੱਈਆ ਹੋਵੇਗੀ। ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਕੇਬਲ ਸਿਸਟਮ ਤੇ ਕਬਜਾ ਕਰਨ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਬਜੇ ਕਰਨ ਵਾਲੀ ਨਹੀਂ ਸਗੋਂ ਛੁਡਵਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਖੁਦ ਰੇਤੇ-ਬਜਰੀ, ਬੱਸਾਂ, ਆਦਿ ਕੇਬਲ ਆਦਿ ਤੇ ਕਬਜਾ ਕਰਦੇ ਰਹੇ ਹਨ। ਹੁਣ ਵੀ ਜਦੋਂ ਵੀ ਉਂਹ ਪ੍ਰੈਸ ਕਾਨਫਰੰਸ ਕਰਨ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਚੁੰਗਲ ਵਿੱਚੋਂ ਕੋਈ ਕਬਜਾ ਛੁਡਵਾਇਆ ਜਾ ਰਿਹਾ ਹੈ

Scroll to Top