July 7, 2024 9:03 pm
Bhagwant Mann

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤ ਦੇ ਉੱਪ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ

ਨਵੀਂ ਦਿੱਲੀ 04 ਜਨਵਰੀ 2023:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਇੱਥੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ। ਉੱਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ।

ਮੁੱਖ ਮੰਤਰੀ ਨੇ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ।

ਇਸ ਦੌਰਾਨ ਉੱਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।