Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ 13.74 ਕਰੋੜ ਰੁਪਏ ਕੀਤੇ ਮਨਜ਼ੂਰ

Jalandhar-Hoshiarpur-Chintpurni road

ਚੰਡੀਗੜ੍ਹ, 7 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ 1 ਅਪ੍ਰੈਲ ਤੋਂ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਹਨ। ਸੜਕ ਦੇ ਨਿਰਮਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 13.74 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਸੜਕ ਦੇ ਨਿਰਮਾਣ ਲਈ ਟੈਂਡਰ ਵੀ ਲੱਗ ਚੁੱਕੇ ਹਨ।

ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਿੰਪਾ ਨੇ ਦੱਸਿਆ ਕਿ ਇਸ ਸੜਕ ਦੀ ਬੇਹੱਦ ਖਸਤਾ ਹਾਲਤ ਤੋਂ ਦੋਆਬਾ ਇਲਾਕਾ ਖਾਸ ਤੌਰ ‘ਤੇ ਹੁਸ਼ਿਆਰਪੁਰ ਵਾਸੀ ਬਹੁਤ ਦੁਖੀ ਸਨ। ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਹੁੰਦੇ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਵੀ ਚਲੇ ਗਈਆਂ ਪਰ ਪਹਿਲਾਂ ਦੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ। ਸੜਕ ਬਣਾਉਣ ਦੀ ਥਾਂ ਲੋਕਾਂ ਨੂੰ ਰੱਬ ਸਹਾਰੇ ਛੱਡ ਦਿੱਤਾ।

ਉਨ੍ਹਾਂ ਦੱਸਿਆ ਕਿ ਇਹ ਸੜਕ ਕਾਫੀ ਅਹਿਮ ਹੈ ਕਿਉਂ ਕਿ ਇਸ ਸੜਕ ਰਾਹੀਂ ਬਹੁਤ ਸਾਰੇ ਸ਼ਰਧਾਲੂ ਮਾਤਾ ਚਿੰਤਪੂਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਮੁੰਡਾ ਦੇਵੀ ਜੀ, ਮਾਤਾ ਬਗਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਣ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ।

ਜਿੰਪਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਅਤੇ ਮੈਕਲੋਡ ਗੰਜ ਜਾਣ ਲਈ ਵੀ ਲੱਖਾਂ ਲੋਕ ਹੁਸ਼ਿਆਰਪੁਰ ਰਾਹੀਂ ਜਾਂਦੇ ਹਨ। ਇਸ ਲਈ ਇਸ ਸੜਕ ਦੀ ਮਹੱਤਤਾ ਨੂੰ ਵੇਖਦਿਆਂ ਇਸ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਣੀ ਬਣਦੀ ਸੀ। ਉਨ੍ਹਾਂ ਸੜਕ ਨਿਰਮਾਣ ਲਈ ਪੈਸਾ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ 39 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਲਈ ਟੈਂਡਰ ਲੱਗ ਚੁੱਕੇ ਹਨ ਅਤੇ 1 ਅਪ੍ਰੈਲ ਤੋਂ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੜਕ ਦਾ ਕਰੀਬ 14 ਕਿਲੋਮੀਟਰ ਦਾ ਇਲਾਕਾ ਜਲੰਧਰ ਜ਼ਿਲ੍ਹੇ ਵਿਚ ਅਤੇ 25 ਕਿਲੋਮੀਟਰ ਦਾ ਇਲਾਕਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਆਉਂਦਾ ਹੈ। ਜ਼ਿਕਰਯੋਗ ਹੈ ਕਿ ਜਿੰਪਾ ਇਸ ਸੜਕ ਨਿਰਮਾਣ ਲਈ ਪਹਿਲੇ ਦਿਨ ਤੋਂ ਹੀ ਭਰਪੂਰ ਯਤਨ ਕਰ ਰਹੇ ਹਨ ਅਤੇ ਕਈ ਕੇਂਦਰੀ ਮੰਤਰੀਆਂ ਸਮੇਤ ਪੰਜਾਬ ਕੈਬਨਿਟ ਦੇ ਸਾਥੀ ਮੰਤਰੀਆਂ ਨਾਲ ਵੀ ਮੀਟਿੰਗਾਂ ਕਰ ਚੁੱਕੇ ਹਨ। ਹੁਣ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਇਹ ਸੜਕ ਜਲਦ ਬਣ ਕੇ ਤਿਆਰ ਹੋ ਜਾਵੇਗੀ।

Exit mobile version