ਚੰਡੀਗੜ੍ਹ, 28 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਭਾਜਪਾ ਆਗੂ ਦੀ ਨੌਟੰਕੀ, ਸ਼ਾਇਰਾਨਾ ਗੱਲਬਾਤ ਅਤੇ ਸਵੈ-ਘੋਸ਼ਿਤ ਇਮਾਨਦਾਰੀ ਤੋਂ ਚੰਗੀ ਤਰ੍ਹਾਂ ਜਾਣੂ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਸਾਬਕਾ ਮੰਤਰੀ ਦੇ ਗਲਤ ਕਾਰਨਾਮਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ, ਜੋ ਕਿ ਕਾਫੀ ਲੰਬਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹਿ ਚੁੱਕੇ ਹਨ, ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਅਨਸਰਾਂ ਨਾਲ ਮਿਲੀਭੁਗਤ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਤਾਂ ਸੂਬੇ ਦਾ ਖਜ਼ਾਨਾ ਹਮੇਸ਼ਾ ਖਾਲੀ ਰਿਹਾ ਪਰ ਜਨਤਾ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੋਣ ਦਿੱਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਜ਼ਾਨੇ ਨੂੰ ਲੋਕਾਂ ਦੀ ਭਲਾਈ ਦੀ ਪ੍ਰਵਾਹ ਕੀਤੇ ਬਿਨਾਂ ਸਾਬਕਾ ਮੰਤਰੀ ਦੀਆਂ ਇੱਛਾਵਾਂ ਅਨੁਸਾਰ ਵਰਤਿਆ ਗਿਆ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਸਾਬਕਾ ਮੰਤਰੀ ਵੱਲੋਂ ਆਪਣੀ ਗੱਡੀ ਖੁਦ ਚਲਾਉਣ ਅਤੇ ਟੋਲ ਟੈਕਸ ਭਰਨ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੇ ਆਲੀਸ਼ਾਨ ਬਾਗਾਂ ਵਿੱਚ ਪੈਦਾ ਹੋਣ ਵਾਲੇ ਹਰ ਫਲ ਦਾ ਪੂਰਾ ਰਿਕਾਰਡ ਸੂਬਾ ਸਰਕਾਰ ਕੋਲ ਮੌਜੂਦ ਹੈ।