Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ

Shaheed-e-Azam Bhagat Singh

ਹੁਸੈਨੀਵਾਲਾ (ਫਿਰੋਜ਼ਪੁਰ) 28 ਸਤੰਬਰ 2022: ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਕੀਤੇ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ ਦਿੱਤੀ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਉਪਰਾਲੇ ਕਰਨੇ ਪੈਣਗੇ ਤਾਂ ਕਿ ਅਸੀਂ ਆਪਣੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰ ਸਕੀਏ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇਕ ਸੋਚ ਸਨ ਅਤੇ ਸਾਨੂੰ ਉਨ੍ਹਾਂ ਦੀ ਸੋਚ ਉਤੇ ਚਲਦੇ ਹੋਏ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾ ਕੇ ਲੋਕਾਂ ਨੂੰ ਗੁਰਬਤ, ਭ੍ਰਿਸ਼ਟਾਚਾਰ ਅਤੇ ਸਮਾਜਿਕ ਕੁਰੀਤੀਆਂ ਤੋਂ ਵੀ ਮੁਕਤ ਹੋਣ ਦੇ ਸਪੁਨੇ ਸੰਜੋਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਮੁਲਕ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਹੋਰ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਂ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਇੱਥੇ ਤਾਲੀਮ ਹਾਸਲ ਕਰ ਰਹੇ ਸਿੱਖਿਆਰਥੀਆਂ ਨੂੰ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ।

ਇਸ ਮੌਕੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਜਗਦੀਪ ਗੋਲਡੀ, ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਪਾਲ ਸਵਨਾ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਹਾਜ਼ਰ ਸਨ।

Exit mobile version