ਪਟਿਆਲਾ, 19 ਦਸੰਬਰ 2023: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਪਹਿਲੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਲੋੜਵੰਦਾਂ ਸਮੇਤ ਸਕੀਮ ਵਡੇਰੀ ਉਮਰ ਤੇ ਆਰਥਿਕ ਤੰਗੀ ਕਾਰਨ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ।
ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ।
ਵਿਧਾਇਕ ਕੋਹਲੀ ਨੇ ਅੱਗੇ ਦੱਸਿਆ ਕਿ ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਵੀ ਮੌਜੂਦ ਸਨ।