ਚੰਡੀਗੜ੍ਹ, 21 ਨਵੰਬਰ 2026: Akali Dal-BJP alliance: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਐਨਡੀਏ ਗਠਜੋੜ ਦੀ ਸਭ ਤੋਂ ਪੁਰਾਣੀ ਪਾਰਟੀ ਅਕਾਲੀ ਦਲ ਸੱਤਾ ‘ਚ ਵਾਪਸ ਆ ਰਹੀ ਹੈ। ਹਾਲ ਹੀ ‘ਚ ਭਾਜਪਾ ਪ੍ਰਧਾਨ ਨਿਤਿਨ ਨਵੀਨ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਿਚਕਾਰ ਇੱਕ ਬੈਠਕ ਹੋਈ, ਜਿਸ ‘ਚ ਉਨ੍ਹਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਫੈਸਲਾ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ‘ਚ ਹੋਵੇਗਾ ਅਤੇ ਮੁੱਖ ਮੰਤਰੀ ਦਾ ਚਿਹਰਾ ਅਕਾਲੀ ਦਲ ਦਾ ਹੀ ਹੋਵੇਗਾ।
ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਤਿੰਨ ਮਹੀਨਿਆਂ ਦੀ ਲਗਾਤਾਰ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਅਮਿਤ ਸ਼ਾਹ ਨੇ ਇੱਕ ਵਾਰ ਫਿਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਆਪਣੇ ਵਾਅਦੇ ਨੂੰ ਦੁਹਰਾਇਆ। ਇਸ ਦੌਰਾਨ, ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਦਾ ਸਵਾਗਤ ਕਰਦਿਆਂ ਇਸਨੂੰ ਸਿਰਫ਼ ਇੱਕ ਰਾਜਨੀਤਿਕ ਸਮਝੌਤਾ ਨਹੀਂ ਸਗੋਂ ਪੰਜਾਬ ਦੇ ਹਿੱਤਾਂ ‘ਚ ਬਣਿਆ “ਭਾਵਨਾਤਮਕ ਗਠਜੋੜ” ਕਿਹਾ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਕਿਹਾ ਕਿ ਇਹ ਗੱਠਜੋੜ ਏਕਤਾ ਦਾ ਪ੍ਰਤੀਕ ਹੈ। ਅਸੀਂ ਕਦੇ ਨਹੀਂ ਭੁੱਲ ਸਕਦੇ ਕਿ ਇਹ ਏਕਤਾ ਗੁਰੂ ਸਾਹਿਬਾਨ ਦੀ ਕੁਰਬਾਨੀ ਨਾਲ ਕਿਵੇਂ ਜੁੜੀ ਹੋਈ ਹੈ। 1675 ‘ਚ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ ਦੀ ਰੱਖਿਆ ਅਤੇ ਧਾਰਮਿਕ ਪਰਿਵਰਤਨ ਨੂੰ ਰੋਕਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਅੱਜ, ਅਸੀਂ ਉਹੀ ਸੰਦੇਸ਼ ਸਮਾਜ ਅਤੇ ਪੰਜਾਬ ਤੱਕ ਲੈ ਕੇ ਜਾਵਾਂਗੇ। ਜਿਵੇਂ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੇ ਸਤਿਕਾਰ ਅਤੇ ਪੰਜਾਬ ਦੇ ਵਿਕਾਸ ‘ਚ ਲਗਾਤਾਰ ਯੋਗਦਾਨ ਪਾਇਆ ਹੈ, ਮੈਨੂੰ ਪੂਰੀ ਉਮੀਦ ਹੈ ਕਿ ਜਿਵੇਂ-ਜਿਵੇਂ ਅਸੀਂ ਐਨਡੀਏ ਗੱਠਜੋੜ ‘ਚ ਇਕੱਠੇ ਹੁੰਦੇ ਹਾਂ, ਅਸੀਂ ਪੰਜਾਬ ਪ੍ਰਤੀ ਉਸ ਵਚਨਬੱਧਤਾ ਨੂੰ ਪੂਰਾ ਕਰਾਂਗੇ। ਇਸਦੇ ਨਾਲ ਹੀ 8 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ‘ਤੇ ਮੋਗਾ ਵਿਖੇ ਸਮਾਗਮ ‘ਚ ਸ਼ਾਮਲ ਹੋਣਗੇ।
Read More: ਅਕਾਲੀ ਦਲ-ਭਾਜਪਾ ਗੱਠਜੋੜ: ਕੀ ਪੰਜਾਬ ‘ਚ ਬਦਲੇਗਾ ਸਿਆਸੀ ਸਮੀਕਰਨ? ਸੀਟਾਂ ਦੀ ਵੰਡ ਤੋਂ ਵੱਡੀ ਚੁਣੌਤੀ ਕੀ ?




