Site icon TheUnmute.com

ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਸਕੱਤਰ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ

Mining Department Punjab

ਚੰਡੀਗੜ੍ਹ 07 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਰੇਤੇ ਦੀ ਢੋਆ-ਢੁਆਈ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ਾਂ ਦੇ ਚੱਲਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ ਕਰ ਕੇ ਰੇਤੇ ਵਾਲੇ ਵਾਹਨਾਂ ਉਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਦਿਆਂ ਰੇਤਾ ਲਿਜਾਣ ਵਾਲੇ ਵਾਹਨਾਂ (ਟਿੱਪਰ/ਟਰੱਕ/ਟਰੇਲਰ ਆਦਿ) ਦੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੇਤੇ ਦੀ ਕੀਮਤ 9 ਰੁਪਏ ਕਿਊਬਿਕ ਫੁੱਟ ਤੈਅ ਕੀਤੀ ਗਈ ਹੈ ਪਰ ਰੇਤੇ ਦੀ ਢੋਆ-ਢੁਆਈ ਵਾਲਿਆਂ ਵੱਲੋਂ ਜ਼ਿਆਦਾ ਕੀਮਤ ਵਸੂਲਣ ਨਾਲ ਲੋਕਾਂ ਨੂੰ ਮਹਿੰਗਾ ਰੇਤਾ ਮਿਲਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਸਕੱਤਰ  ਜੰਜੂਆ ਨੇ ਖਣਨ ਵਿਭਾਗ ਦੇ ਐਕਸੀਅਨ ਪੱਧਰ ਦੇ ਅਧਿਕਾਰੀਆਂ ਨੂੰ ਵਾਹਨਾਂ ਦੀ ਚੈਕਿੰਗ ਲਈ ਅਧਿਕਾਰਤ ਕੀਤਾ ਹੈ। ਉਨ੍ਹਾਂ ਇਸ ਕੰਮ ਨਾਲ ਜੁੜੇ ਟਰਾਂਸਪੋਰਟਰਾਂ ਨੂੰ ਵੀ ਚਿਤਾਵਨੀ ਦਿੱਤੀ। ਉਨਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਖਿਆ ਗਿਆ ਹੈ ਕਿ ਰੇਤੇ ਦੀ ਢੋਆ-ਢੁਆਈ ਟਰੈਕਟਰ-ਟਰਾਲੀ ਰਾਹੀਂ ਕਰਨ ਲਈ ਕਾਨੂੰਨੀ ਤਰੀਕਾ ਲੱਭਿਆ ਜਾਵੇ ਕਿਉਕਿ ਖੇਤੀਬਾੜੀ ਲਈ ਟਰੈਕਟਰ-ਟਰਾਲੀ ਦੀ ਵਰਤੋਂ ਸਾਲ ਵਿੱਚ ਦੋ ਵਾਰ ਫਸਲ ਦੀ ਬਿਜਾਈ ਤੇ ਵਾਢੀ ਮੌਕੇ ਸੀਮਤ ਸਮੇਂ ਲਈ ਹੁੰਦੀ ਹੈ। ਇਸ ਨਾਲ ਜਿੱਥੇ ਕਿਸਾਨਾਂ ਨੂੰ ਵੀ ਆਰਥਿਕ ਮੱਦਦ ਮਿਲੇਗੀ ਉਥੇ ਲੋਕਾਂ ਨੂੰ ਵੀ ਵਾਜਬ ਕੀਮਤ ਉਤੇ ਰੇਤਾ ਮਿਲੇਗਾ।

Exit mobile version