Site icon TheUnmute.com

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼

Vijay Kumar Janjua

ਚੰਡੀਗੜ੍ਹ, 05 ਮਈ 2023: ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖ਼ਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

ਜੰਜੂਆ (Vijay Kumar Janjua) ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਕੌਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਵਾਟਖੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਰੋਕਣ ਲਈ ਜਾਗਰੂਕਤਾ ਦੇ ਨਾਲ ਚੈਕਿੰਗ, ਲੈਬ ਟੈਸਟਿੰਗ ਆਦਿ ਕਾਰਗਾਰ ਕਦਮ ਵੀ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।

ਸਬਜ਼ੀਆਂ ਅਤੇ ਫਲਾਂ ਨੂੰ ਗੈਰ ਕੁਦਰਤੀ ਤਰੀਕਿਆਂ ਨਾਲ ਪਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇ। ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਵਾਲੀਆਂ ਲੈਬਜ਼ ਨੂੰ ਵਧਾਇਆ ਜਾਵੇ। ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਵੇਰ ਦੀਆਂ ਪ੍ਰਾਥਨਾ ਸਭਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਾਵਟਕੋਰੀ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣ। ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਲਈ ਲਾਇਸੈਂਸਿੰਗ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਧ ਸਮੱਗਰੀ ਬਿਨਾਂ ਇਸ ਦੇ ਨਾ ਵੇਚੀ ਜਾਵੇ।

ਜੰਜੂਆ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ।

ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ ਨੇ ਈਟ ਰਾਈਟ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਨੂੰ ਵਿਸ਼ੇਸ਼ ਕਰਕੇ ਮੈਡੀਕਲ ਕਾਲਜ, ਨਰਸਿੰਗ ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਸਰਟੀਫਿਕੇਸ਼ਨ ਕਰਵਾਉਣ ਲਈ ਕਿਹਾ। ਖੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਦੇ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਮੁੱਖ ਸਕੱਤਰ ਨੂੰ ਫੂਡ ਸੇਫਟੀ ਵਿੰਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਸਕੱਤਰ ਪੰਜਾਬ ਮੰਡੀ ਬੋਰਡ ਅੰਮ੍ਰਿਤ ਕੌਰ ਗਿੱਲ, ਏ.ਐਮ.ਡੀ. ਪਨਗ੍ਰੇਨ ਪਰਮਪਾਲ ਕੌਰ, ਡਾਇਰੈਕਟਰ ਲੈਬ ਰਵਨੀਤ ਕੌਰ ਤੇ ਜੁਆਇੰਟ ਕਮਿਸ਼ਨਰ ਖੁਰਾਕ ਮਨੋਜ ਖੋਸਲਾ ਵੀ ਹਾਜ਼ਰ ਸਨ।

Exit mobile version