ਚੰਡੀਗੜ੍ਹ, 14 ਦਸੰਬਰ 2023: ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ‘ਤੇ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਚੀਨ (China) ਨੇ ਕਿਹਾ ਹੈ ਕਿ ਉਹ ਭਾਰਤ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਦਾ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਬੀਜਿੰਗ ਨੂੰ ਕੋਈ ਫਰਕ ਨਹੀਂ ਪੈਂਦਾ। ਭਾਰਤ-ਚੀਨ ਸਰਹੱਦ ਦਾ ਪੱਛਮੀ ਹਿੱਸਾ ਹਮੇਸ਼ਾ ਚੀਨ ਦਾ ਹੀ ਰਿਹਾ ਹੈ। ਚੀਨ ਨੇ ਅੱਗੇ ਕਿਹਾ ਕਿ ਅਸੀਂ ਭਾਰਤ ਦੇ ਇਕਪਾਸੜ ਅਤੇ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ ਹੈ। ਭਾਰਤ ਦੀ ਸੁਪਰੀਮ ਕੋਰਟ ਦਾ ਫੈਸਲਾ ਇਸ ਤੱਥ ਨੂੰ ਨਹੀਂ ਬਦਲ ਸਕਦਾ ਕਿ ਸਰਹੱਦ ਦਾ ਪੱਛਮੀ ਹਿੱਸਾ ਚੀਨ ਦਾ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੀਨ (China) ਦੇ ਮਾਓ ਨਿੰਗ ਨੇ ਕਸ਼ਮੀਰ ਮੁੱਦੇ ‘ਤੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਤਹਿਤ ਸ਼ਾਂਤੀਪੂਰਵਕ ਹੱਲ ਕਰਨਾ ਜ਼ਰੂਰੀ ਹੈ। ਚੀਨ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਗੱਲਬਾਤ ਅਤੇ ਚਰਚਾ ਰਾਹੀਂ ਮੁੱਦੇ ਨੂੰ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਜਾ ਸਕੇ।
ਇਸ ਤੋਂ ਪਹਿਲਾਂ ਅਕਤੂਬਰ ਵਿੱਚ ਇੱਕ ਰਿਪੋਰਟ ਵਿੱਚ, ਪੈਂਟਾਗਨ ਨੇ ਦਾਅਵਾ ਕੀਤਾ ਸੀ ਕਿ ਚੀਨ ਨੇ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਸਰਹੱਦਾਂ ਨੇੜੇ 3 ਸੰਯੁਕਤ-ਹਥਿਆਰ ਬ੍ਰਿਗੇਡ (ਸੀਏਬੀ) ਵੀ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਉੱਤਰਾਖੰਡ ਅਤੇ ਹਿਮਾਚਲ ਨੇੜੇ ਐਲਏਸੀ ‘ਤੇ ਵੀ ਤਾਇਨਾਤ ਕੀਤੇ ਗਏ ਹਨ।
ਪੈਂਟਾਗਨ ਨੇ ਇਹ ਵੀ ਕਿਹਾ ਹੈ ਕਿ ਚੀਨ ਨੇ ਡੋਕਲਾਮ ਨੇੜੇ ਜ਼ਮੀਨਦੋਜ਼ ਸਟੋਰੇਜ ਸੁਵਿਧਾਵਾਂ ਵੀ ਬਣਾਈਆਂ ਹਨ। ਇਸ ਤੋਂ ਇਲਾਵਾ ਐਲਏਸੀ ਦੇ ਤਿੰਨੋਂ ਸੈਕਟਰਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਪੈਂਗੌਂਗ ਝੀਲ ‘ਤੇ ਦੂਜਾ ਪੁਲ ਵੀ ਬਣਾਇਆ ਗਿਆ ਹੈ। ਕਰੀਬ ਇੱਕ ਹਫ਼ਤਾ ਪਹਿਲਾਂ ਆਈ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਚੀਨੀ ਫੌਜ ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਤੱਕ ਐਲਏਸੀ ਦੇ ਪਾਰ ਪਿੰਡਾਂ ਨੂੰ ਸਥਾਪਤ ਕਰਨ ਦੇ ਨਾਮ ਉੱਤੇ ਮਿਲਟਰੀ ਬੇਸ ਬਣਾ ਰਹੀ ਹੈ। ਇਨ੍ਹਾਂ ਪਿੰਡਾਂ ਦਾ ਬੁਨਿਆਦੀ ਢਾਂਚਾ ਇਸ ਤਰ੍ਹਾਂ ਬਣਾਇਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਫੌਜੀ ਠਿਕਾਣਿਆਂ ਵਜੋਂ ਵਰਤਿਆ ਜਾ ਸਕੇ।