ਚੰਡੀਗੜ੍ਹ, 22 ਨਵੰਬਰ 2024: ਬਠਿੰਡਾ (Bathinda) ‘ਚ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ ਹੋ ਗਏ, ਜਿੱਥੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜੱਪ ਹੋਈ ਹੈ | ਜਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਦੁਨੇਵਾਲਾ ‘ਚ ਬੀਤੇ ਕਈ ਦਿਨਾਂ ਤੋਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ |
ਇਸ ਦੌਰਾਨ ਪੁਲਿਸ ਨਾਲ ਪ੍ਰਸ਼ਾਸਨ ਵੱਲੋਂ ਜ਼ਮੀਨ ਐਕਵਾਇਰ ਕਰਨ ਗਈ ਤਾਂ ਕਿਸਾਨਾਂ ਨੇ ਇਸਦਾ ਵਿਰੋਧ ਕੀਤਾ | ਇਹ ਵਿਰੋਧ ਇਨ੍ਹਾਂ ਤੇਜ਼ ਹੋ ਗਿਆ ਕਿ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜੱਪ ਹੀ ਗਈ | ਸਥਿਤੀ ਨੂੰ ਦੇਖਦੇ ਹੋਏ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਹਨ |
ਡੀ.ਆਈ.ਜੀ ਬਠਿੰਡਾ (Bathinda) ਹਰਚਰਨ ਸਿੰਘ ਭੁੱਲਰ ਅਤੇ ਡੀ.ਸੀ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਐਕੁਆਇਰ ਕੀਤੀ ਜ਼ਮੀਨ ਦੀ ਅਦਾਇਗੀ ਕਰ ਦਿੱਤੀ ਗਈ ਹੈ | ਪੁਲਿਸ ਦਾ ਕਹਿਣਾ ਹੈ ਕਿ ਇਹ ਵਿਰੋਧ ਕਰ ਰਹੇ ਕਿਸਾਨ ਦੂਜੇ ਜ਼ਿਲ੍ਹਿਆਂ ਤੋਂ ਆ ਕੇ ਇਥੇ ਕਾਨੂੰਨ ਵਿਵਸਥਾ ਖਰਾਬ ਕਰ ਰਹੇ ਹਨ |
ਬਠਿੰਡਾ ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਿਸੇ ਵੀ ਹਾਲਤ ‘ਚ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਦਿੱਤੀ ਗਈ ਜ਼ਮੀਨ ‘ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਅਪੀਲ ਕੀਤੀ ਹੈ ਜੇਕਰ ਇਸ ਮੁੱਦੇ ‘ਤੇ ਕਿਸੇ ਨੂੰ ਇਤਰਾਜ ਹੈ ਤਾਂ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਨਾਲ ਬੈਠਕ ਗੱਲਬਾਤ ਕਰਵਾ ਦੇਣਗੇ |