ਚੰਡੀਗੜ੍ਹ, 20 ਫਰਵਰੀ 2023: ਅੱਜ ਕੁਰੂਕਸ਼ੇਤਰ ਵਿੱਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰਾਂ ਵਿਚਾਲੇ ਤਕਰਾਰ ਤੋਂ ਬਾਅਦ ਝੜੱਪ ਹੋ ਗਈ, ਜਿੱਥੇ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ। ਇਸ ਘਟਨਾ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ ਲਾਇਆ ਕਿ ਜਿੱਥੇ ਦੀਵਾਨ ਸਮਾਗਮ ਚੱਲ ਰਹੇ ਸਨ, ਉੱਥੇ ਸੰਤਾਂ ਦੀ ਕੁੱਟਮਾਰ ਅਤੇ ਉਨ੍ਹਾਂ ਉੱਪਰ ਹਮਲਾ ਕਰਨਾ ਚਾਹੁੰਦੇ ਸਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਆਪਣਾ ਕੰਮ ਕਰੇ ਨਾ ਕਿ ਮਨਮਾਨੀ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਜੋ ਵੀ ਇਸ ਵਿਚ ਸ਼ਾਮਲ ਹਨ, ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਕਮੇਟੀ ਵਲੋਂ ਜਿਵੇਂ ਹਰਿਆਣਾ ਦੇ ਗੁਰੁਦੁਆਰਿਆ ‘ਤੇ ਕਬਜਾ ਕਰਨ ਦਾ ਢੰਗ ਤਰੀਕਾ ਅਪਣਾਇਆ ਜਾ ਰਿਹਾ ਹੈ, ਇਹ ਗ਼ਲਤ ਹੈ | ਇਸ ਕਾਰਵਾਈ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕਰਨੀ ਚਾਹੀਦੀ ਸੀ | ਉਨ੍ਹਾਂ ਨੇ ਕਿਹਾ ਅਜਿਹਾ ਮਾਹੌਲ ਪੈਦਾ ਨਾ ਕੀਤਾ ਜਾਵੇ ਜਿਸ ਨਾਲ ਸਿੱਖ ਸੰਗਤਾਂ ਦੀਆ ਭਾਵਨਾਵਾਂ ਨੂੰ ਠੇਸ ਪਹੁੰਚੇ |