Site icon TheUnmute.com

ਨਕੋਦਰ ‘ਚ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ, ਗੰਨਮੈਨ ਗੰਭੀਰ ਜ਼ਖਮੀ

Nakodar

ਚੰਡੀਗੜ੍ਹ 08 ਦਸੰਬਰ 2022: ਪੰਜਾਬ ’ਚ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਜਿਹਾ ਇੱਕ ਮਾਮਲਾ ਨਕੋਦਰ (Nakodar) ਤੋਂ ਸਾਹਮਣੇ ਆਇਆ, ਜਿੱਥੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਵੀ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ (39) ਪੁੱਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਇਲ ਟਾਵਰ ਕੋਲ ਉਸ ਦੀ ਦੁਕਾਨ ’ਤੇ ਰਾਤ 8.30 ਵਜੇ ਦੇ ਲੱਗਭਗ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਗੰਨਮੈਨ ਵੀ ਇਸ ਗੋਲੀਬਾਰੀ ’ਚ ਜ਼ਖ਼ਮੀ ਹੋ ਗਿਆ। ਜਿਵੇਂ ਹੀ ਗੋਲੀਆਂ ਚੱਲੀਆਂ ਤਾਂ ਪੂਰੇ ਬਾਜ਼ਾਰ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।

ਪੁਲਿਸ ਨੂੰ ਜਦੋਂ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਤਾਂ ਆਈ. ਜੀ. ਗੁਰਸ਼ਰਨ ਸਿੰਘ, ਐੱਸ. ਐੱਸ. ਪੀ. ਸਵਰਨਦੀਪ ਸਿੰਘ, ਡੀ. ਐੱਸ. ਪੀ. ਸਰਬਜੀਤ ਸਿੰਘ ਬਾਹੀਆ ਅਤੇ ਡੀ. ਐੱਸ. ਪੀ. ਹਰਜਿੰਦਰ ਸਿੰਘ ਨਾਲ ਵੱਖ-ਵੱਖ ਥਾਣਿਆਂ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਮੌਕੇ ’ਤੇ ਕੁਝ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ ।

ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਕਥਿਤ ਗੈਂਗਸਟਰ ਇੰਦਾ ਨੇ ਕੱਪੜਾ ਵਪਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕੱਪੜਾ ਵਪਾਰੀ ਨੂੰ ਗੰਨਮੈਨ ਦਿੱਤਾ ਅਤੇ ਗੈਂਗਸਟਰ ਇੰਦਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪਰ ਇਸ ਦੇ ਬਾਵਜੂਦ ਕੱਪੜਾ ਵਪਾਰੀ ਦਾ ਕਤਲ ਹੋ ਗਿਆ।ਇਸ ਘਟਨਾ ਨੂੰ ਲੈ ਕੇ ਪੁਲਿਸ ਨੇ ਪੂਰੇ ਇਲਾਕੇ ਵਿਚ ਹਾਈ ਅਲਰਟ ਕਰ ਦਿੱਤਾ ਹੈ। ਜਿਸ ਵੀ ਰਸਤੇ ’ਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਉਨ੍ਹਾਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਗਈ ਹੈ।

 

Exit mobile version