* ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨੌਜਵਾਨਾਂ ਨੂੰ ਸੱਦਾ
* ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ
* ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਅਹਿਮ ਰੋਲ ਨਿਭਾ ਸਕਦੀਆਂ ਨੇ
ਘੁੰਗਰਾਲੀ (ਲੁਧਿਆਣਾ), 16 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ।
ਇੱਥੇ ਇਕ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਸਮੂਹਿਕ ਵਾਪਸੀ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਅਤੇ ਹੁਣ ਸਾਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਹੀਂ ਜਾਣਾ ਚਾਹੀਦਾ, ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਸੂਬੇ ਦੇ ਨੌਜਵਾਨਾਂ ਲਈ ਵੱਡੀ ਗਿਣਤੀ ਵਿੱਚ ਭਰਤੀ ਦੀ ਤਿਆਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਪੰਜਾਬ ਵਿੱਚ ਪਰਵਾਸ ਨੂੰ ਮੋੜਾ ਪਿਆ ਹੈ ਕਿਉਂਕਿ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨਾਲ ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਪ੍ਰਤੀ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਪੁਲਿਸ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਕਮੀ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਸਿਪਾਹੀ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕਰਨ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੀ ਸਰੀਰਕ ਯੋਗਤਾ ਨੂੰ ਸੁਧਾਰਨਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਂ ਭਰਤੀ ਕਰਨ ਦਾ ਫੈਸਲਾ ਵੀ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਮਝਦੇ ਹਨ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣ ਵਾਲੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਉੱਤਰ ਕਾਟੋ ਮੈਂ ਚੜ੍ਹਾਂ’ ਦੀ ਸਿਆਸਤ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਇਸ ਲਈ ਨਿੰਦਦੇ ਹਨ ਕਿਉਂਕਿ ਸਾਡੀ ਸਰਕਾਰ ਵੱਲੋਂ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਮਹੱਤਵਪੂਰਨ ਜ਼ਰੀਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਖੇਡਾਂ ਵਿੱਚ ਰੁੱਝੇ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਹੀ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਆਪਣੀ ਪੂਰੀ ਤਾਕਤ ਲਾ ਰਹੇ ਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾਂਦੀਆਂ ਹਨ, ਜੋ ਖਿਡਾਰੀਆਂ ਨੂੰ ਆਪਣੇ ਹੁਨਰ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਦੀਆਂ ਹਨ, ਜੋ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਭਦਾਇਕ ਸਿੱਧ ਹੁੰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਟੂਰਨਾਮੈਂਟ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਸਮਾਗਮ ਕਰਵਾਉਣੇ ਬੰਦ ਕਰ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰ ਹੁਣ ਸੂਬੇ ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਮਗਰੋਂ ਮਾਹੌਲ ਬਦਲ ਗਿਆ ਹੈ ਅਤੇ ਲੋਕ ਅਜਿਹੇ ਸਮਾਗਮਾਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੰਗਲਾ ਪੰਜਾਬ ਦੀ ਇਕ ਝਲਕ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਬਾਬਤ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕ, ਸੋਲਰ ਲਾਈਟਾਂ ਲਗਾਉਣ, ਕਮਿਊਨਿਟੀ ਹਾਲ ਦੀ ਉਸਾਰੀ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਹੋਰ ਕਈ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਹਾਜ਼ਰ ਸਨ।