ਚੰਡੀਗੜ੍ਹ, 22 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਦੀ ਟੀਮ ਉਸ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ ਦਫਤਰ ਲੈ ਗਈ । ਆਰਐਮਐਲ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਸਦਾ ਮੈਡੀਕਲ ਕੀਤਾ।
ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੱਜ ਦੁਪਹਿਰ 2:30 ਵਜੇ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਕੇਜਰੀਵਾਲ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜੇਲ੍ਹ ਤੋਂ ਸਰਕਾਰ ਚੱਲੇਗੀ।
ਇਸ ਤੋਂ ਇਲਾਵਾ ਸੁਪਰੀਮ ਕੋਰਟ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਸੁਣਵਾਈ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਐਮ ਐਮ ਸੁੰਦਰੇਸ਼ ਦੀ ਬੈਂਚ ਇਸ ਦੀ ਸੁਣਵਾਈ ਕਰੇਗੀ। ਇਸ ਮਾਮਲੇ ਵਿੱਚ ਪਹਿਲਾਂ ਹੀ ਈਡੀ ਦੀ ਹਿਰਾਸਤ ਵਿੱਚ ਰਹੇ ਬੀਆਰਐਸ ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।