ਚੰਡੀਗੜ੍ਹ, 03 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕੀਤੀ ਹੈ | ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ‘ਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਬਿਆਨ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵੱਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਸੌਂਪਣ ਦੌਰਾਨ ਦਿੱਤਾ | ਉਨ੍ਹਾਂ ਕਿਹਾ ਕਿ ਮੋਹਾਲੀ ਤੋਂ ਮਜ਼ਬੂਤ ਹਵਾਈ ਸੰਪਰਕ ਉੱਦਮੀਆਂ ਅਤੇ ਵਪਾਰੀਆਂ ਲਈ ਪਹੁੰਚ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰੇਗਾ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਕਾਰੋਬਾਰ ਅਤੇ ਸੈਰ-ਸਪਾਟੇ ਲਈ ਪਸੰਸਦੀਦਾ ਸਥਾਨ ਵਜੋਂ ਸਥਾਪਤ ਕਰੇਗਾ।
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਿਰੰਤਰ ਵਿਕਾਸ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਾਲੇ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਵਿਸ਼ਵ ਦੇ ਵੱਖ-ਵੱਖ ਸਥਾਨਾਂ ਨਾਲ ਜੋੜਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਸ਼ਵ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਪੰਜਾਬ ‘ਚ ਸੁਖਾਲੀ ਆਵਾਜਾਈ ‘ਚ ਵੀ ਮੱਦਦ ਕਰੇਗਾ | ਇਸਦੇ ਨਾਲ ਹੀ ਖੇਤਰ ‘ਚ ਵਪਾਰ, ਵਣਜ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਹੋਰ ਉਡਾਣਾਂ ਸ਼ੁਰੂ ਕਰਨ ਨਾਲ ਲੋਕਾਂ ਨੂੰ ਵੀ ਹੋਰ ਸਹੂਲਤ ਮਿਲੇਗੀ |
ਸੀਐੱਮ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਪੰਜਾਬ ‘ਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਵਧੇਰੇ ਅਹਿਮ ਸਾਬਤ ਹੋਣ ਦੇ ਨਾਲ-ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪ੍ਰਦਰਸ਼ਿਤ ਕਰੇਗਾ।
ਉਨ੍ਹਾਂ ਕਿਹਾ ਕਿ ਲਾਭਅੰਸ਼ ਦਾ ਇਹ ਚੈਕ ਸੌਂਪਣਾ ਸੀਐਚਆਈਏਐਲ ਦੀ ਮਜ਼ਬੂਤ ਵਿੱਤੀ ਸਥਿਤੀ ਅਤੇ ਹਿੱਸੇਦਾਰਾਂ ਦਰਮਿਆਨ ਬਿਹਤਰ ਸਹਿਯੋਗ ਨੂੰ ਦਰਸਾਉਂਦਾ ਹੈ, ਜੋ ਵਾਧੂ ਅੰਤਰਰਾਸ਼ਟਰੀ ਰੂਟਾਂ ਸਮੇਤ ਭਵਿੱਖ ਦੇ ਵਿਸਥਾਰ ਲਈ ਰਾਹ ਪੱਧਰਾ ਕਰਦਾ ਹੈ। ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ ਲਾਭਅੰਸ਼ ਸੀਐਚਆਈਏਐਲ ਬੋਰਡ ਵੱਲੋਂ 12 ਦਸੰਬਰ, 2025 ਨੂੰ ਐਲਾਨਿਆ ਸੀ।
Read More: CM ਭਗਵੰਤ ਮਾਨ ਵੱਲੋਂ ਸਾਲ 2026 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਜਾਰੀ




