ਤਰਨ ਤਾਰਨ, 09 ਅਗਸਤ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ (ADS) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਨਾਲ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਸਿਸਟਮ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਨਸ਼ਿਆਂ ਵਿਰੁੱਧ ਮੁਹਿੰਮ ‘ਚ ਇੱਕ ਹੋਰ ਸ਼ਾਨਦਾਰ ਅਧਿਆਇ ਜੋੜਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਾਰਨ ਸੂਬੇ ‘ਚ ਇਹ ਸਰਾਪ ਫੈਲ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਸ ਵਪਾਰ ‘ਚ ਸ਼ਾਮਲ ਵੱਡੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਪੰਜਾਬ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਡਰੋਨ ਵਿਰੋਧੀ ਪ੍ਰਣਾਲੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਰਾਪ ਤੋਂ ਮੁਕਤ ਕਰਨ ਲਈ ਤਿੰਨ ਐਂਟੀ-ਡਰੋਨ ਪ੍ਰਣਾਲੀਆਂ ਪੇਸ਼ ਕੀਤੀਆਂ ਹਨ ਅਤੇ ਛੇ ਹੋਰ ਛੇਤੀ ਹੀ ਪੇਸ਼ ਕੀਤੀਆਂ ਜਾਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ।
ਉਨਾਂ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰੋਬਾਰ ਤੋਂ ਨਸ਼ਾ ਤਸਕਰਾਂ ਦੁਆਰਾ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਭ ਤੋਂ ਵੱਡੇ ਅਤੇ ਬਦਨਾਮ ਨਸ਼ਾ ਡੀਲਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਪੰਜਾਬ ਨੇ ਅੱਜ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕਰੋ ਜਾਂ ਮਰੋ ਦੀ ਲੜਾਈ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਹੈ, ਜਿਸ ਨੂੰ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਦੁਆਰਾ ਪੈਦਾ ਹੋਈਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਯੂਨਿਟਾਂ ‘ਤੇ 51.4 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀਐਸਐਫ ਪਹਿਲਾਂ ਹੀ ਅਜਿਹੇ ਸਿਸਟਮ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਸਟਮ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਢੁਕਵਾਂ ਜਵਾਬ ਦੇਵੇਗਾ |
ਮੁੱਖ ਮੰਤਰੀ ਨੇ ਦੱਸਿਆ ਕਿ 2024 ‘ਚ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਭਰੇ ਕੁੱਲ 283 ਡਰੋਨ ਜ਼ਬਤ ਕੀਤੇ ਗਏ ਸਨ ਅਤੇ 2025 ‘ਚ ਹੁਣ ਤੱਕ 137 ਡਰੋਨ ਬਰਾਮਦ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਐਂਟੀ-ਡਰੋਨ ਸਿਸਟਮ ਨੂੰ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦ ‘ਤੇ ਦੂਜੀ ਲਾਈਨ ਆਫ਼ ਡਿਫੈਂਸ ਵਜੋਂ ਤਾਇਨਾਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਹੱਦ ਰਾਹੀਂ ਸੂਬੇ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਡਰੋਨ ਨੂੰ ਤੁਰੰਤ ਬੇਅਸਰ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਰੱਖਿਆ ਦੀ ਦੂਜੀ ਕਤਾਰ ਦਾ ਅਰਥ ਹੈ ਸਰਹੱਦੀ ਜ਼ਿਲ੍ਹਿਆਂ ‘ਚ ਪੰਜਾਬ ਪੁਲਿਸ ਦੀ ਤਾਇਨਾਤੀ, ਜੋ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਪਿੱਛੇ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਉਨ੍ਹਾਂ ਖਾਸ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਕੀਤੀ ਜਾਵੇਗੀ ਜਿੱਥੇ ਡਰੋਨ ਗਤੀਵਿਧੀ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਕੋਲ ਡਰੋਨਾਂ ਨੂੰ ਬੇਅਸਰ ਕਰਨ ਲਈ ਅਜਿਹਾ ਕੋਈ ਸਿਸਟਮ ਨਹੀਂ ਸੀ, ਪਰ ਹੁਣ ਇਹ ਪ੍ਰਣਾਲੀ ਪੰਜਾਬ ਪੁਲਿਸ ਨੂੰ ਹੋਰ ਸਮਰੱਥ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਆਟੋਮੇਟਿਡ ਅਲਰਟ ਤਕਨਾਲੋਜੀ ਦੇ ਨਾਲ ਆਉਂਦੀ ਹੈ, ਜੋ ਡਰੋਨ ਗਤੀਵਿਧੀ ਦਾ ਪਤਾ ਲੱਗਦੇ ਹੀ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕਰਦੀ ਹੈ, ਜਿਸ ਨਾਲ ਦਸਤੀ ਨਿਗਰਾਨੀ ਦੀ ਜ਼ਰੂਰਤ ਖਤਮ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਉੱਨਤ ਪ੍ਰਣਾਲੀ ਦੇ ਸਫਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਬੀਐਸਐਫ, ਭਾਰਤੀ ਹਵਾਈ ਸੈਨਾ, ਭਾਰਤੀ ਫੌਜ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਬਣਾਈ ਰੱਖਿਆ ਜਾਵੇਗਾ।
Read More: ਪੰਜਾਬ ਸਰਕਾਰ ਹ.ਥਿ.ਆ.ਰਾਂ ਦੀ ਤਸਕਰੀ ਨੂੰ ਰੋਕਣ ਲਈ ਚੁੱਕਣ ਜਾ ਰਹੀ ਵੱਡਾ ਕਦਮ, ਜਾਣੋ