ਲੰਗੜੋਆ (ਐਸ.ਬੀ.ਐਸ. ਨਗਰ), 16 ਮਈ 2025: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ‘ਚ ਯੋਧਾ ਬਣਨ ਦੀ ਸਹੁੰ ਚੁਕਾਈ।
ਸਮਾਗਮ ਦੌਰਾਨਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜੰਗ ‘ਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਦਾ ਸਰਾਪ ਸੂਬੇ ਦੇ ਚਿਹਰੇ ‘ਤੇ ਇੱਕ ਧੱਬਾ ਹੈ ਅਤੇ ਸੂਬਾ ਸਰਕਾਰ ਨੂੰ ਇਸ ਸਰਾਪ ਨੂੰ ਖਤਮ ਕਰਨ ਲਈ ਰਣਨੀਤੀ ਬਣਾਉਣ ‘ਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਮਾਨ ਨੇ ਕਿਹਾ ਕਿ ਹੁਣ ਨਸ਼ੇ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ‘ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਗਿਆ ਹੈ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕਪ੍ਰਿਯ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਾ ਸਹਿਯੋਗ ਮੰਗਿਆ। ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ ਹੈ, ਉਸੇ ਤਰ੍ਹਾਂ ਇਸਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਮਨ ਬਣਾ ਲਿਆ ਹੈ ਤਾਂ ਸਾਨੂੰ ਇਸ ਨੇਕ ਕੰਮ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੇ ਪੈਰਾਂ ਨੇ ਛੂਹਿਆ ਹੈ ਜਿਨ੍ਹਾਂ ਨੇ ਸਾਨੂੰ ਜ਼ੁਲਮ ਅਤੇ ਅਨਿਆਂ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ।
Read More: CM ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਦੀ ਰਸਮੀ ਸ਼ੁਰੂਆਤ