ਚੰਡੀਗੜ੍ਹ 16 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਸ਼ਹੀਦ ਸ. ਕਰਤਾਰ ਸਿੰਘ ਸਰਾਭਾ (Saheed Kartar Singh Sarabha) ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਨਕਲਾਬੀ ਸੂਰਮੇ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ (Halwara Airport) ਨੂੰ ਸਿਵਲ ਏਅਰਪੋਰਟ ਵਜੋਂ ਵਿਕਸਿਤ ਕੀਤਾ ਜਾਵੇਗਾ, ਸਿਵਲ ਏਅਰਪੋਰਟ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹੁਤ ਵੱਡੀ ਕੁਰਬਾਨੀ ਹੈ ਅਤੇ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਸਾਰੇ ਆਜ਼ਾਦੀ ਮਾਣ ਰਹੇ ਹਾਂ , ਨਹੀਂ ਤਾਂ ਅਸੀਂ ਅੱਜ ਗੋਰਿਆਂ ਦੇ ਗੁਲਾਮ ਹੁੰਦੇ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ।
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ |