ਚੰਡੀਗੜ੍ਹ, 19 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ ਕਿ ਉਹ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ (Paddy) ਦੀ ਸਪਲਾਈ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਤਾਂ ਜੋ ਪੰਜਾਬ ‘ਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚਾਵਲਾਂ ਦੀ ਨਿਰਵਿਘਨ ਖਰੀਦ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੀ ਚਿੱਠੀ ‘ਚ ਐਫ.ਸੀ.ਆਈ. ਸਪਲਾਈ ਲਈ ਜਗ੍ਹਾ ਦੀ ਘਾਟ ਦਾ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਐਫ.ਸੀ.ਆਈ. ਕੋਲ ਖਾਸ ਕਰਕੇ ਮਈ ਮਹੀਨੇ ਤੋਂ ਹੀ ਥਾਂ ਦੀ ਭਾਰੀ ਘਾਟ ਹੈ, ਜਿਸ ਕਾਰਨ ਸੂਬੇ ਦੇ ਚੌਲ ਮਿੱਲਰਾਂ ਨੂੰ ਕੇਂਦਰੀ ਪੂਲ ‘ਚ ਐਫ.ਸੀ.ਆਈ. ਨੂੰ ਸਾਉਣੀ ਦੇ ਮੰਡੀਕਰਨ ਸੀਜ਼ਨ 2023-24 ਲਈ ਚੌਲਾਂ (Paddy) ਦੀ ਸਪੁਰਦਗੀ ‘ਚ ਵਿਘਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਚੌਲ ਮਿੱਲ ਮਾਲਕਾਂ ‘ਚ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਥਾਂ ਦੀ ਘਾਟ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਚੌਲ ਮਿੱਲ ਮਾਲਕਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਹੁਣ ਤੱਕ ਐਫ.ਸੀ.ਆਈ. ਨੂੰ ਕੁੱਲ 98.35 ਫੀਸਦੀ ਚੌਲਾਂ ਦੀ ਸੁਪਰਦਗੀ ਕੀਤੀ ਜਾ ਸਕੀ ਹੈ। ਉਨ੍ਹਾਂ ਕਿਹਾ ਕਿ ਥਾਂ ਦੀ ਲਗਾਤਾਰ ਘਾਟ ਕਾਰਨ ਪੰਜਾਬ ਸਰਕਾਰ ਪਹਿਲਾਂ 31 ਜੁਲਾਈ, 2024 ਅਤੇ ਫਿਰ 31 ਅਗਸਤ, 2024 ਤੱਕ ਮਿਲਿੰਗ ਦਾ ਸਮਾਂ ਵਧਾਉਣ ਲਈ ਮਜਬੂਰ ਹੈ। ਮਾਨ ਨੇ ਕਿਹਾ ਕਿ ਥਾਂ ਦੀ ਘਾਟ ਕਾਰਨ ਸਾਉਣੀ ਸੀਜ਼ਨ 2023-24 ਦੇ ਬਾਕੀ ਪਏ ਚੌਲਾਂ ਕਾਰਨ, ਕੇਂਦਰ ਸਰਕਾਰ ਨੇ ਸਪੁਰਦਗੀ ਦੀ ਮਿਆਦ 30 ਸਤੰਬਰ, 2024 ਤੱਕ ਵਧਾ ਦਿੱਤੀ ਹੈ।
ਪੰਜਾਬ ਸਰਕਾਰ ਨੇ ਸੂਬੇ ‘ਚੋਂ ਕਣਕ ਅਤੇ ਝੋਨੇ (Paddy) ਦੇ ਵਾਧੂ ਰੈਕ ਭੇਜ ਕੇ ਇਸ ਸਮੱਸਿਆ ਦੇ ਤੁਰੰਤ ਨਿਪਟਾਰੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਾਮੀ ਸੀਜ਼ਨ ਦੌਰਾਨ 185-190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ, ਜਿਸ ਨਾਲ ਕੇਂਦਰੀ ਪੂਲ ਲਈ 120-125 ਲੱਖ ਮੀਟਰਕ ਟਨ ਚੌਲਾਂ ਦਾ ਉਤਪਾਦਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ, ਪੰਜਾਬ ‘ਚ ਉਪਲਬੱਧ ਕੁੱਲ 171 ਲੱਖ ਮੀਟਰਕ ਟਨ ਦੀ ਕਵਰਡ ਸਪੇਸ ਦੇ ਮੁਕਾਬਲੇ, ਲਗਭਗ 121 ਲੱਖ ਮੀਟਰਕ ਟਨ ਚੌਲ ਅਤੇ 50 ਲੱਖ ਮੀਟਰਕ ਟਨ ਕਣਕ ਕਵਰਡ ਗੋਦਾਮਾਂ ‘ਚ ਸਟੋਰ ਕੀਤੀ ਹੋਈ ਹੈ ਅਤੇ ਨਵੀਂ ਫਸਲ ਰੱਖਣ ਲਈ ਕੋਈ ਥਾਂ ਉਪਲਬੱਧ ਨਹੀਂ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭੰਡਾਰਨ ਦੇ ਮੁੱਦਾ ‘ਤੇ ਛੇਤੀ ਧਿਆਨ ਦੇਣ ਦੀ ਲੋੜ ਹੈ ਅਤੇ ਮਾਰਚ, 2025 ਤੱਕ ਸੂਬੇ ‘ਚੋਂ ਹਰ ਮਹੀਨੇ ਘੱਟੋ-ਘੱਟ 20 ਲੱਖ ਮੀਟਰਕ ਟਨ ਅਨਾਜ, ਖਾਸ ਕਰਕੇ ਚੌਲਾਂ ਦੀ ਮਾਸਿਕ ਢੋਆ-ਢੁਆਈ/ਲੀਕਿਊਡੇਸ਼ਨ ਦੀ ਲੋੜ ਹੈ, ਤਾਂ ਜੋ ਸਾਉਣੀ ਸੀਜ਼ਨ 2024-25 ਦੇ ਤਾਜ਼ੇ ਚੌਲਾਂ ਨੂੰ ਲੋੜੀਂਦੀ ਥਾਂ ਪੈਦਾ ਕੀਤੀ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ 24 ਸਤੰਬਰ ਤੋਂ 25 ਮਾਰਚ ਤੱਕ ਪੰਜਾਬ ਦੇ ਕਵਰਡ ਗੋਦਾਮਾਂ ਤੋਂ ਪ੍ਰਤੀ ਦਿਨ ਕਣਕ ਅਤੇ ਚੌਲਾਂ ਦੇ ਘੱਟੋ-ਘੱਟ 25 ਰੈਕ ਲੈਜਾਣੇ ਚਾਹੀਦੇ ਹਨ ਤਾਂ ਜੋ ਚੌਲਾਂ ਦੀ ਸੁਪਰਦਗੀ ਲਈ ਲੋੜੀਂਦੀ ਥਾਂ ਪੈਦਾ ਕੀਤੀ ਜਾ ਸਕੇ ਅਤੇ ਸੂਬੇ ‘ਚ ਸਾਉਣੀ ਸੀਜ਼ਨ 2024-25 ਦੌਰਾਨ ਝੋਨੇ/ਚਾਵਲ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।