Site icon TheUnmute.com

ਖੁੱਲ੍ਹੀ ਬਹਿਸ ‘ਚ ਹਿੱਸਾ ਲੈਣ ਲਈ ਲੁਧਿਆਣਾ ਪੁੱਜੇ CM ਭਗਵੰਤ ਮਾਨ

Ludhiana

ਚੰਡੀਗੜ੍ਹ, 01 ਨਵੰਬਰ 2023: ਅੱਜ ਲੁਧਿਆਣਾ (Ludhiana) ‘ਚ ਹੋਣ ਜਾ ਰਹੀ ਖੁੱਲ੍ਹੀ ਬਹਿਸ ‘ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੰਗਲਵਾਰ ਸ਼ਾਮ ਤੱਕ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਆਮਦ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਸ ਲਈ ਚਾਰ ਸ਼ਰਤਾਂ ਰੱਖੀਆਂ ਹਨ। ਇਨ੍ਹਾਂ ‘ਚ ਪਹਿਲੀ ਐੱਸ.ਵਾਈ.ਐੱਲ ਮੁੱਦੇ ‘ਤੇ ਬਹਿਸ, ਦੂਜਾ ਇਕ ਮਹੀਨੇ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ, ਤੀਜਾ – ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦਾ ਵਾਅਦਾ ਅਤੇ ਚੌਥਾ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਦਿਵਾਉਣ ਦਾ ਵਾਅਦਾ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਹਨਾਂ ‘ਤੇ ਜਵਾਬ ਦੇਵੇਗੀ ਤਾਂ ਅਸੀਂ ਬਹਿਸ ਵਿੱਚ ਸ਼ਾਮਲ ਹੋਵਾਂਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਹਿਸ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਗਏ ਹਨ। ਇਸ ਦੇ ਨਾਲ ਹੀ ਕਿਸਾਨ ਪੀਏਯੂ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਜਦੋਂ ਉਨ੍ਹਾਂ ਨੂੰ ਅੰਦਰ ਨਾ ਜਾਣ ਦਿੱਤਾ ਗਿਆ ਤਾਂ ਉਹ ਗੇਟ ‘ਤੇ ਬੈਠ ਕੇ ਧਰਨਾ ਦਿੱਤਾ। ਇਸ ਦੌਰਾਨ ਪੁਲਿਸ ਨੇ ਕੁਝ ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਸਦੇ ਨਾਲ ਹੀ ‘ਆਪ’ ਆਗੂ ਬਹਿਸ ਲਈ ਪੁੱਜਣੇ ਸ਼ੁਰੂ ਹੋ ਗਏ ਹਨ। ਖੰਨਾ ਦੇ ਵਿਧਾਇਕ ਤਰਨਪ੍ਰੀਤ ਸਿੰਘ ਪੀਏਯੂ (Ludhiana) ਪਹੁੰਚ ਗਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਇਸ ਤੋਂ ਪਹਿਲਾਂ ਯੂਨੀਵਰਸਿਟੀ ਪੁੱਜੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਸਾਰਿਆਂ ਨੂੰ ਇਸ ਬਹਿਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਸਵੇਰ ਤੋਂ ਹੀ ਯੂਨੀਵਰਸਿਟੀ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਤੁਸੀਂ ਪੰਜਾਬੀ ਬਹਿਸ ਲਾਈਵ ਦੇਖ ਸਕਦੇ ਹੋ।

Exit mobile version