ਭਾਰਤੀ ਮਹਿਲਾ ਕ੍ਰਿਕਟ ਟੀਮ

CM ਭਗਵੰਤ ਮਾਨ ਨੇ ਕ੍ਰਿਕਟ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਚੰਡੀਗੜ੍ਹ, 04 ਨਵੰਬਰ 2025: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਟੀਮ ਦੇ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਕਿਹਾ ਕਿ ਵਨਡੇ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਜਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਧੀਆਂ ਪੰਜਾਬ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਤੇ ਜਜ਼ਬੇ ਨਾਲ ਪੰਜਾਬ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਿਟਬਾਲ ਟੀਮ ਅਤੇ ਫੁਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਵੱਡੇ ਮਾਣ ਦੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਆਪਣੀ ਕਾਬਲੀਅਤ ਨਾਲ ਕੌਮਾਂਤਰੀ ਕ੍ਰਿਕਟ ‘ਚ ਆਪਣੇ ਲਈ ਵੱਖਰੀ ਥਾਂ ਤੇ ਪਛਾਣ ਬਣਾਈ ਹੈ।

Read More: ਵਿਸ਼ਵ ਕੱਪ ਜਿੱਤਣ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Scroll to Top