ਚੰਡੀਗੜ੍ਹ, 12 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ (Sri Guru Ravidas Ji) ਦੇ 648ਵੇਂ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਸਮੁੱਚੀ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਜਾਤ-ਪਾਤ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਅਤੇ ਸਮਾਜ ‘ਚ ਸਮਾਨਤਾ ਸਥਾਪਿਤ ਕਰਨ ‘ਤੇ ਜ਼ੋਰ ਦਿੱਤਾ। ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਹਮੇਸ਼ਾ ਸਮਾਨਤਾ ‘ਤੇ ਅਧਾਰਤ ਸਮਾਜ ਦੇ ਨਿਰਮਾਣ ‘ਚ ਸਾਡੀ ਅਗਵਾਈ ਕਰਦੀਆਂ ਰਹਿਣਗੀਆਂ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ (Sri Guru Ravidas Ji) ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ-ਕੀਮਤਾਂ ਦਾ ਪ੍ਰਚਾਰ ਕੀਤਾ | ਉਨ੍ਹਾਂ ਲੋਕਾਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਗਰੀਬਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਅਮੀਰ ਅਤੇ ਗਰੀਬ ਵਿਚਕਾਰ ਪਾੜੇ ਨੂੰ ਖਤਮ ਕੀਤਾ ਜਾ ਸਕੇ ਅਤੇ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਜਾਤ, ਨਸਲ, ਰੰਗ, ਭੇਦਭਾਵ ਅਤੇ ਧਰਮ ਤੋਂ ਉੱਪਰ ਉੱਠ ਕੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਇਕੱਠੇ ਮਨਾਉਣ ਦੀ ਅਪੀਲ ਵੀ ਕੀਤੀ ਹੈ ।