Punjab Cabinet

CM ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਤੇ ਸੋਗ ਸੰਦੇਸ਼ ਕੀਤਾ ਜਾਰੀ

ਚੰਡੀਗੜ੍ਹ 08 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਧੂ ਮੂਸੇਵਾਲਾ (Sidhu Moosewala) ਦੀ ਅੰਤਿਮ ਅਰਦਾਸ ‘ਤੇ ਸੋਗ ਸੰਦੇਸ਼ ਜਾਰੀ ਕੀਤਾ | ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ‘ਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਉਨ੍ਹਾਂ ਕਿਹਾ ਦੁੱਖ ਦੀ ਇਸ ਘੜੀ ‘ਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ।

ਸੀ ਐੱਮ ਮਾਨ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ‘ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖ਼ਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।ਪਰਿਵਾਰਕ ਮੈਂਬਰਾਂ ਅਤੇ ਸਾਕ-ਸੰਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਜਿਕਰਯੋਗ ਹੈ ਕਿ ਅੱਜ ਮਾਨਸਾ ਦੀ ਅਨਾਜ ਮੰਡੀ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੈ। ਇਸ ਸਬੰਧੀ ਭੋਗ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਦੂਰੋਂ-ਦੂਰੋਂ ਉਨ੍ਹਾਂ ਦੇ ਚਾਹੁਣ ਵਾਲੇ ਪਹੁੰਚੇ ਹਨ |

Scroll to Top