ਨੰਗਲ (ਰੂਪਨਗਰ), 09 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਮਸਲੇ ‘ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮੇਂ ਦੋਹਰੀ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਦੂਜੇ ਪਾਸੇ ਆਪਣੇ ਪਾਣੀਆਂ ਦੀ ਰਾਖੀ ਲਈ ਕੇਂਦਰ ਅਤੇ ਹਰਿਆਣਾ ਸਰਕਾਰਾਂ ਵਿਰੁੱਧ ਲੜ ਰਿਹਾ ਹੈ।
ਮੁੱਖ ਮੰਤਰੀ ਅੱਜ ਦੁਬਾਰਾ ਨੰਗਲ ਪਹੁੰਚੇ ਅਤੇ ਨਿੱਜੀ ਤੌਰ ‘ਤੇ ਪਾਣੀਆਂ ਨੂੰ ਬਚਾਉਣ ਦੇ ਮੋਰਚੇ ਦੀ ਜ਼ਿੰਮੇਵਾਰੀ ਸੰਭਾਲੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੀ.ਬੀ.ਐਮ.ਬੀ. ਚੇਅਰਮੈਨ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦੇ ਸਕਦੇ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੁੱਖ ਮੰਤਰੀ ਨਾਲ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਆਪਣੇ ਪਾਣੀਆਂ ਦੀ ਰਾਖੀ ਕਰਨ ਦੇ ਵੀ ਸਮਰੱਥ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਸੂਬੇ ਤੋਂ ਪਾਣੀ ਚੋਰੀ ਕਰਨ ਲਈ ਉਤਸੁਕ ਹਨ ਜਦੋਂ ਕਿ ਹਰਿਆਣਾ ਸਾਲ ਭਰ 4,000 ਕਿਊਸਿਕ ਪਾਣੀ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਨੂੰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨੀ ਚਾਹੀਦੀ ਹੈ ਜਾਂ ਉਨ੍ਹਾਂ ਨੂੰ ਪਾਣੀਆਂ ਦੀ ਰਾਖੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਬੀ.ਬੀ.ਐਮ.ਬੀ. ਅਤੇ ਪਾਣੀ ਦੀ ਵੰਡ ਸੰਬੰਧੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਪਾਣੀ ਬਚਾਉਣ ਦੀ ਲੜਾਈ ਰਾਜਨੀਤਿਕ ਅਤੇ ਕਾਨੂੰਨੀ ਮੋਰਚਿਆਂ ‘ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਚੇਅਰਮੈਨ ਨੇ ਸੂਬੇ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਣ ਦੀ ਕੋਸ਼ਿਸ਼ ਕੀਤੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦੇ ਹੋਏ, ਮੁੱਖ ਮੰਤਰੀ ਨੇ ਨਵਾਂ ਸੰਵਿਧਾਨ ਬਣਾ ਕੇ ਇਸਦੇ ਪੁਨਰਗਠਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਆਪਣੇ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਕਾਰ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਇਸਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ।
Read More: ਹਰਿਆਣਾ ਨੂੰ ਪਾਣੀ ਨਹੀਂ ਦੇਵਾਂਗਾ, BBMB ਨੂੰ ਖਤਮ ਕਰ ਦੇਣਾ ਚਾਹੀਦੈ: CM ਭਗਵੰਤ ਮਾਨ