Dhuri

CM ਭਗਵੰਤ ਮਾਨ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਧੂਰੀ (ਸੰਗਰੂਰ), 21 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ (Dhuri) ਹਲਕੇ ਦੇ ਵਸਨੀਕਾਂ ਲਈ ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਅਰਪਣ ਕੀਤਾ ਹੈ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਵਜੋਂ ਕਾਰਜ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਅਤੇ ਸਰਕਾਰੀ ਦਫਤਰਾਂ ਦਰਮਿਆਨ ਪਾੜੇ ਨੂੰ ਖਤਮ ਕਰਨਾ, ਪਾਰਦਰਸ਼ਤਾ ਵਧਾਉਣਾ, ਧੂਰੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਲਈ ਡੇਟਾ ਅਤੇ ਇਸ ਦੇ ਵਿਸ਼ਲੇਸ਼ਣ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਨਾਗਰਿਕ ਦੀਆਂ ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗਾ, ਜਨਤਕ ਵਿਸ਼ਵਾਸ ਕਾਇਮ ਕਰੇਗਾ ਅਤੇ ਸੇਵਾ ਪ੍ਰਦਾਨ ਕਰਨ ‘ਚ ਅਸਰਦਾਰ ਢੰਗ ਨਾਲ ਵਾਧਾ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ 1.21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਹੈ ਅਤੇ ਇਸ ‘ਚ ਛੇ ਕਾਊਂਟਰ ਅਤੇ ਇੱਕ ਰਿਸੈਪਸ਼ਨ ਡੈਸਕ ਹਨ। ਉਨ੍ਹਾਂ ਨੇ ਕਿਹਾ ਕਿ ਇਸ ‘ਚ ਇਕ ਮੀਟਿੰਗ-ਕਮ-ਕਾਨਫਰੰਸ ਹਾਲ ਵੀ ਸ਼ਾਮਲ ਹੈ। ਇਸ ਦਾ ਮੁੱਖ ਮਕਸਦ ਜਨਤਾ ਅਤੇ ਸਰਕਾਰੀ ਦਫਤਰਾਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਜਨਤਕ ਮੁੱਦਿਆਂ ਦਾ ਸਮੇਂ ਸਿਰ ਹੱਲ ਕਰਨ ‘ਚ ਮੱਦਦ ਕਰੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਤੇ ਪੀ.ਸੀ.ਐਸ. ਅਧਿਕਾਰੀ ਇਸ ਕੇਂਦਰ ਦਾ ਇੰਚਾਰਜ ਹੋਵੇਗਾ ਅਤੇ ਇਹ ਅਧਿਕਾਰੀ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਦੀ ਨਿਗਰਾਨੀ ਕਰੇਗਾ ਅਤੇ ਖੇਤਰ ‘ਚ ਵਿਕਾਸ ਪ੍ਰੋਜੈਕਟਾਂ ਦੀ ਵੀ ਦੇਖ-ਰੇਖ ਕਰੇਗਾ। ਉਨ੍ਹਾਂ ਕਿਹਾ ਕਿ ਸਿਹਤ, ਮਾਲ, ਸਮਾਜਿਕ ਸੁਰੱਖਿਆ, ਪੁਲਿਸ ਅਤੇ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਕੇਂਦਰ ‘ਚ ਮੌਜੂਦ ਰਹਿਣਗੇ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ 443 ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਇਹ ਨਵੀਂ ਸਹੂਲਤ ਲੋਕਾਂ ਨੂੰ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰਨ ‘ਚ ਮੱਦਦ ਕਰੇਗੀ।

ਉਨ੍ਹਾਂ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ, ਆਯੁਸ਼ਮਾਨ ਭਾਰਤ ਯੋਜਨਾ, ਅਸ਼ੀਰਵਾਦ ਯੋਜਨਾ, ਲੇਬਰ ਕਾਰਡ, ਆਧਾਰ ਕਾਰਡ ਅੱਪਡੇਟ ਅਤੇ ਹੋਰ ਬਹੁਤ ਸਾਰੀਆਂ ਸਕੀਮਾਂ ਲਈ ਫਾਰਮ ਭਰਨ ਪ੍ਰਕਿਰਿਆ ਇਸ ਕੇਂਦਰ ‘ਚ ਹੀ ਹੋਇਆ ਕਰੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀਆਂ ਮੁੱਖ ਵਿਸ਼ੇਸ਼ਤਾਵਾਂ ‘ਚੋਂ ਇੱਕ ਇਹ ਹੈ ਕਿ ਨਾਗਰਿਕਾਂ ਨੂੰ ਹੁਣ ਵਾਰ-ਵਾਰ ਦਫਤਰਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ। ਇਸ ਦੀ ਬਜਾਏ ਕੰਮ ਪੂਰਾ ਹੋਣ ਤੱਕ ਇਹ ਕੇਂਦਰ ਸਬੰਧਤ ਵਿਭਾਗਾਂ ਕੋਲ ਪੈਰਵੀ ਕਰੇਗਾ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਾਂਝ ਕੇਂਦਰਾਂ ਰਾਹੀਂ ਪਾਸਪੋਰਟ ਜਾਰੀ ਕਰਨ, ਚਰਿੱਤਰ ਸਰਟੀਫਿਕੇਟ, ਐਫ.ਆਈ.ਆਰ., ਡੀ.ਡੀ.ਆਰ. ਦੀਆਂ ਕਾਪੀਆਂ ਅਤੇ ਲਾਊਡਸਪੀਕਰਾਂ ਅਤੇ ਸਮਾਗਮਾਂ ਲਈ ਐਨ.ਓ.ਸੀ. ਵਰਗੀਆਂ ਸੇਵਾਵਾਂ ਨਾਲ ਸਬੰਧਤ ਦਸਤਾਵੇਜ਼ ਤਿਆਰ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਉਦੇਸ਼ ਸਰਕਾਰੀ ਦਫ਼ਤਰਾਂ ‘ਚ ਨਾਗਰਿਕਾਂ ਨੂੰ ਆਮ ਤੌਰ ‘ਤੇ ਪੇਸ਼ ਆਉਣ ਵਾਲੀ ਪ੍ਰੇਸ਼ਾਨੀ ਨੂੰ ਖਤਮ ਕਰਨਾ ਹੈ।

Read More: ਪੰਜਾਬ ਸਰਕਾਰ ਨੀਤੀ ਆਯੋਗ ਦੀ ਬੈਠਕ ‘ਚ ਚੁੱਕੇਗੀ BBMB ਪੁਨਰਗਠਨ ਦਾ ਮੁੱਦਾ

Scroll to Top