Nishan-e-Inqlab Plaza

CM ਭਗਵੰਤ ਮਾਨ ਵੱਲੋਂ ਮੋਹਾਲੀ ਵਿਖੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕ ਅਰਪਣ

ਚੰਡੀਗੜ੍ਹ, 04 ਦਸੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ (Nishan-e-Inqlab Plaza) ‘ਚ ਬਣੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ (Shaheed-e-Azam Sardar Bhagat Singh) ਦੇ ਵਿਸ਼ਾਲ ਬੁੱਤ ਨੂੰ ਲੋਕ ਅਰਪਣ ਕੀਤਾ | ਇਸਦੇ ਨਾਲ ਹੀ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦਾ ਉਦਘਾਟਨ ਵੀ ਕੀਤਾ ਹੈ ।

ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਨੂੰ ਫੈਲਾ ਕੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰੇਗਾ। ਏਅਰਪੋਰਟ ਰੋਡ ‘ਤੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ‘ਤੇ 5 ਕਰੋੜ ਰੁਪਏ ਖਰਚੇ ਗਏ ਹਨ |

ਉਨ੍ਹਾਂ ਦੱਸਿਆ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ‘(Nishan-e-Inqlab Plaza) ਚ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ ਅਤੇ ਇਹ ਬੁੱਤ ਮਹਾਨ ਸ਼ਹੀਦ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਦਿਵਾਉਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਭਗਤ ਸਿੰਘ ਨੂੰ
ਸਿਰਫ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) ਨੂੰ ਯਾਦ ਨਹੀਂ ਕੀਤਾ ਜਾਣਾ ਚਾਹੀਦਾ ਹੈ, ਸਗੋਂ ਪਰ ਹਰ ਪਲ ਯਾਦ ਕੀਤਾ ਜਾਣਾ ਚਾਹੀਦਾ ਹੈ |

ਇਹ ਪਲਾਜ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਦਾ ਰਹੇਗਾ। ਇਹ ਪਲਾਜ਼ਾ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਉਨ੍ਹਾਂ ਲਈ ਮਾਰਗ ਦਰਸ਼ਕ ਸਾਬਤ ਹੋਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਦੇ ਨਾਂ ’ਤੇ ਰੱਖਣ ਦੀ ਕੋਸ਼ਿਸ਼ ਨਹੀਂ ਕੀਤੀ ਪਰ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ । ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਸੰਭਾਲਣ ਲਈ ਜ਼ਰੂਰੀ ਹੈ।

ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਪੂਰਾ ਕਰਨ ਅਤੇ ਸਦਭਾਵਨਾ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰ ‘ਚ ਹੀ ਆਪਣਾ ਬਲਿਦਾਨ ਦੇ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ-ਪਰੋਖੇ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਸੂਬੇ ਦੇ ਨੌਜਵਾਨਾਂ ਨੂੰ ਕਰੀਬ 50 ਹਜ਼ਾਰ ਨੌਕਰੀਆਂ ਦਿੱਤੀਆਂ ਹਨ | ਜਿਸ ਉਮਰ ‘ਚ ਨੌਜਵਾਨ ਆਪਣੇ ਮਾਪਿਆਂ ਤੋਂ ਤੋਹਫ਼ੇ ਦੀ ਮੰਗ ਕਰਦੇ ਹਨ, ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣੀ ਮਾਤ ਭੂਮੀ ਦੀ ਆਜ਼ਾਦੀ ਦੀ ਮੰਗ ਕੀਤੀ ਸੀ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹੇ ਲਿਖੇ ਆਗੂ ਸਨ, ਜੋ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਗਰੀਬੀ ਦਾ ਬੋਲਬਾਲਾ ਹੈ। ਉਨ੍ਹਾਂ ਨੇ ਭਾਰਤ ਨੂੰ ਨੰਬਰ ਇਕ ਦੇਸ਼ ਬਣਾਉਣ ਲਈ ਲੋਕਾਂ ਨੂੰ ਜਾਤੀ, ਸੰਪਰਦਾਇਕ ਅਤੇ ਧਾਰਮਿਕ ਭੇਦਭਾਵ ਤੋਂ ਉੱਪਰ ਉੱਠਣ ਦਾ ਸੱਦਾ ਦਿੱਤਾ।

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਅਣਥੱਕ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ।

Scroll to Top