ਚੰਡੀਗੜ੍ਹ, 26 ਸਤੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਰਚੂਅਲ ਬੈਠਕ ਦੌਰਾਨ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (SSP) ਨੂੰ ਪੰਜਾਬ ਭਰ ‘ਚ ਕਾਨੂੰਨ ਵਿਵਸਥਾ ਦੇ ਹਾਲਾਤ ‘ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ।
ਮੁੱਖ ਮੰਤਰੀ ਮਾਨ ਨੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ‘ਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਭਰ ‘ਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਕਿਹਾ ਹੈ | ਉਨ੍ਹਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਸਰਾਹਿਆ। ਇਸ ਬੈਠਕ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Read More: ਹੜ੍ਹਾਂ ਨੇ ਲੋਕਾਂ ਦੇ ਘਰ ਤੇ ਖੇਤ ਤਬਾਹ ਕਰ ਦਿੱਤੇ, ਪਰ ਵਿਰੋਧੀ ਧਿਰ ਰਾਜਨੀਤੀ ਕਰ ਰਿਹੈ: ਕੁਲਦੀਪ ਸਿੰਘ ਧਾਲੀਵਾਲ