ਮੋਹਾਲੀ, 11 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 6 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਵੀਰਵਾਰ ਦੁਪਹਿਰ 4:35 ਵਜੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਬਾਹਰ ਆਏ ਅਤੇ ਫਿਰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਲਈ ਰਵਾਨਾ ਹੋ ਗਏ।
ਜਿਕਰਯੋਗ ਹੈ ਕਿ 5 ਸਤੰਬਰ ਦੀ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਮੁੱਖ ਮੰਤਰੀ ਮਾਨ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ‘ਤੇ ਸ਼ਾਮਲ ਨਹੀਂ ਹੋ ਸਕੇ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਹਾਲ-ਚਾਲ ਪੁੱਛਿਆ ਸੀ।
ਇਸ ਤੋਂ ਬਾਅਦ ਗੁਲਾਬ ਚੰਦ ਕਟਾਰੀਆ ਹਸਪਤਾਲ ਪਹੁੰਚੇ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਮੰਤਰੀ ਉਨ੍ਹਾਂ ਨੂੰ ਮਿਲਣ ਆਏ ਸਨ।
2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। 4 ਸਤੰਬਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ। ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ।
5 ਸਤੰਬਰ ਦੀ ਸ਼ਾਮ ਨੂੰ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ, ਤਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਵਿਗੜਦੀ ਸਿਹਤ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਬੈਠਕ ਵੀ ਮੁਲਤਵੀ ਕਰਨੀ ਪਈ। ਇਸਤੋਂ ਬਾਅਦ ਮੁੱਖ ਮੰਤਰੀ ਨੇ ਵੀਡੀਓ ਕਾਨਫਰੈਂਸ ਰਹੀ ਕੈਬਨਿਟ ਬੈਠਕ ਕੀਤੀ |
Read More: ਪੰਜਾਬ ਤੁਹਾਡਾ ਕਰਜ਼ਦਾਰ ਹੈ: CM ਮਾਨ ਨੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਕੀਤਾ ਧੰਨਵਾਦ




